- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਬਾੜੀਆਂ ਕਲਾਂ ’ਚ ਸ਼ਾਂਤੀਪੂਰਵਕ ਧਰਨਾ ਤੀਜੇ ਵੀ ਜਾਰੀ ਰਿਹਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਦੋ ਦਿਨ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਹੋਈ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਤੋਂ ਬਾਅਦ ਦੂਜੇ ਦਿਨ ਵਾਪਰੀਆਂ ਘਟਨਾਵਾਂ ਤੋਂ ਬਾਅਦ ਤੀਜੇ ਦਿਨ ਧਰਨਾ ਸ਼ਾਂਤਪੂਰਵਕ ਰਿਹਾ। ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਾਰਨ ਨਾ ਸਿਰਫ਼ ਦਲਿਤ ਜਥੇਬੰਦੀਆਂ ਬਲਕਿ ਆਸ-ਪਾਸ ਦੇ ਪਿੰਡਾਂ ਦੇ ਦਲਿਤ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਸਰਪੰਚ ਬੀਬੀ ਮਨਜੀਤ ਕੌਰ, ਆਵਾਜ਼ ਪੰਜਾਬ ਦੇ ਸਕੱਤਰ ਪਲਵਿੰਦਰ ਸਿੰਘ ਦੁਸਾਂਝ, ਪਲਵਿੰਦਰ ਮਾਨਾ ਹਲਕਾ ਇੰਚਾਰਜ ਚੱਬੇਵਾਲ, ਅਮਨਦੀਪ ਸਿੰਘ ਸਿੱਧੂ, ਦਵਿੰਦਰ ਸਿੰਘ ਬਾਹੋਵਾਲ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪੰਚਾਇਤ ਦੀ ਅਗਵਾਈ ਹੇਠ 11 ਮੈਂਬਰੀ ਟੀਮ ਬਣਾਈ ਗਈ ਹੈ, ਜਿਹੜੀ ਇਸ ਸੰਘਰਸ਼ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਮੇਟੀ ਦਾ ਕੋਈ ਵੀ ਮੈਂਬਰ ਆਪਣੇ ਪੱਧਰ ’ਤੇ ਫ਼ੈਸਲਾ ਲੈਂਦਾ ਹੈ ਤਾਂ ਬਾਕੀ ਦਸ ਮੈਂਬਰ ਉਸ ਨੂੰ ਨਹੀਂ ਮੰਨਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬਾਬਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਦਲਿਤ ਅਤੇ ਬਸਪਾ ਦਾ ਸਹਿਯੋਗ ਕਰਨ ਦੀ ਬਜਾਏ ਭਾਜਪਾ ਦੇ ਆਗੂਆਂ ਨੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਵੀ ਮੌਕੇ ’ਤੇ ਆਉਣ ਤੋਂ ਵਰਜਿਤ ਦਿੱਤਾ। ਚੱਬੇਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਲੰਬੇ ਹੱਥੀ ਲੈਂਦੇ ਹੋਏ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਕਈ ਵਾਰ ਡਾ. ਰਾਜ ਕੁਮਾਰ ਅਤੇ ਵਿਧਾਇਕ ਨੂੰ ਇੱਥੇ ਪਾਰਕ ਦਾ ਨਿਰਮਾਣ ਅਤੇ ਚਾਰਦੀਵਾਰੀ ਬਣਾਉਣ ਲਈ ਕਹਿ ਚੁੱਕੇ ਹਨ ਪਰ ਉਨ੍ਹਾਂ ਵੱਲੋਂ ਲਗਾਤਾਰ ਪਿੰਡ ਨੂੰ ਅਣਗੌਲਿਆ ਜਾ ਰਿਹਾ ਹੈ।
ਇਸ ਬੇਅਦਬੀ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ਅਤੇ ਦਲਿਤ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਦੇ ਗ੍ਰੀਨ ਵਿਊ ਪਾਰਕ ਵਿਚ ਇਕੱਠੇ ਹੋ ਕੇ ਵਿਸ਼ਾਲ ਰੈਲੀ ਅਤੇ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਕੱਲ੍ਹ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਵੱਡਾ ਵਿਗਲ ਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਸੂਬਾ ਸਰਕਾਰ ਦੇ ਵਿਰੋਧ ਦੇ ਬਾਵਜੂਦ ਬਸਪਾ ਵਰਕਰ ਧਰਨੇ ’ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਕੱਲ ਰੈਲੀ ਵਿਚ ਬਾੜੀਆਂ ਕਲਾਂ ਵਿਚੇ ਨਵਾਂ ਬੁੱਤ ਰੱਖਣ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਇਸ਼ਾਂਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਬੇਅਦਬੀ ਵਾਲੇ ਦਿਨ ਹੀ ਐੱਸਐੱਸਪੀ ਹੁਸ਼ਿਆਰਪੁਰ ਨੂੰ ਉੱਥੇ ਜਾਣ ਲਈ ਕਿਹਾ ਸੀ ਤਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਹੀ ਉਨ੍ਹਾਂ ਨੂੰ ਮਨ੍ਹਾ ਕਰ ਦਿੱਤਾ ਸੀ, ਜਿਸ ਕਾਰਨ ਉਹ ਉੱਥੇ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਲਈ ਕੇਂਦਰ ਸਰਕਾਰ ਸਭ ਕੁੱਝ ਕਰਵਾ ਰਹੀ ਹੈ।