ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਦਾ ਵੱਡਾ ਧਮਾਕਾ: ਸੰਜੀਵ ਤਲਵਾੜ ਦੀ ਅਗਵਾਈ ਹੇਠ SDM ਦਫ਼ਤਰ ਦਾ ਘੇਰਾਓ
ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਅਤੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕੀਤੀ।
Publish Date: Thu, 30 Apr 2026 01:06 PM (IST)
Updated Date: Thu, 30 Apr 2026 01:11 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਅਤੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕੀਤੀ।
ਧਰਨੇ ਦੌਰਾਨ ਅਕਾਲੀ ਵਰਕਰਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਪੱਖੀਆਂ ਵੰਡ ਕੇ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨ ਦੀ ਖਾਸ ਗੱਲ ਇਹ ਰਹੀ ਕਿ ਨੀਤੀ ਤਲਵਾੜ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ, ਜਿਸ ਨਾਲ ਸਰਕਾਰ ਦੀਆਂ ਨੀਤੀਆਂ ਪ੍ਰਤੀ ਵੱਖ-ਵੱਖ ਵਰਗਾਂ ਵਿੱਚ ਨਾਰਾਜ਼ਗੀ ਸਪੱਸ਼ਟ ਹੋਈ।
ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਪ੍ਰਬੰਧਨ ਵਿੱਚ ਲਾਪਰਵਾਹੀ ਕਾਰਨ ਮੌਜੂਦਾ ਹਾਲਾਤ ਪੈਦਾ ਹੋਏ ਹਨ।
ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਲਾਲੀ ਬਾਜਵਾ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਨੇ ਵੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਜੁੱਟ ਹੋ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਰਹੇਗਾ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਪੂਰੀ ਤਿਆਰੀ ਵਿੱਚ ਜੁੱਟ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਆਪਣੀ ਮਜ਼ਬੂਤ ਵਾਪਸੀ ਦਰਜ ਕਰਵਾਏਗੀ। ਧਰਨੇ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।