20 ਨਵੰਬਰ ਤੋਂ ਕੌਮੀ ਮਾਰਗ ਤੇ ਰੇਲਵੇ ਲਾਈਨ ਜਾਮ ਕਰਨ ਦਾ ਐਲਾਨ
20 ਨਵੰਬਰ ਤੋਂ ਕੌਮੀ ਮਾਰਗ ਤੇ ਰੇਲਵੇ ਲਾਈਨ ਜਾਮ ਕਰਨ ਦਾ ਐਲਾਨ
Publish Date: Tue, 10 Nov 2026 03:40 PM (IST)
Updated Date: Tue, 10 Nov 2026 03:42 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਮੁਕੇਰੀਆਂ ਦੇ ਪ੍ਰਧਾਨ ਅਵਤਾਰ ਸਿੰਘ ਬੌਬੀ ਪਲਾਕੀ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀਆਂ ਮੰਗਾਂ ਅਣਗੌਲੀਆਂ ਕਰਨ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ ਜੇਕਰ 18 ਨਵੰਬਰ ਤੱਕ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਨਵੰਬਰ ਤੋਂ ਜਲੰਧਰ ਦੇ ਧੰਨੋਵਾਲੀ ਫਾਟਕ ਵਿਖੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਅਤੇ ਰੇਲਵੇ ਲਾਈਨ ਅਣਮਿੱਥੇ ਸਮੇਂ ਲਈ ਜਾਮ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਪਿੜਾਈ ਸੀਜ਼ਨ ਦੀ ਗੰਨੇ ਦੀ ਫ਼ਸਲ ਦੀ ਕਰੀਬ 7 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਅਜੇ ਤੱਕ ਜਾਰੀ ਨਹੀਂ ਹੋਈ। ਇਸ ਤੋਂ ਇਲਾਵਾ ਮੌਜੂਦਾ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਅਤੇ ਖੰਡ ਮਿੱਲਾਂ ਚਲਾਉਣ ਦੀ ਤਰੀਕ ਵੀ ਐਲਾਨੀ ਨਹੀਂ ਗਈ। ਇੱਕ ਕਾਊਂਟਰ, ਇੱਕ ਪੇਮੈਂਟ ਦੀ ਮੰਗ ਵੀ ਪੂਰੀ ਨਹੀਂ ਹੋਈ। ਬੌਬੀ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਧਰਨੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਕ ਹਫ਼ਤੇ ਵਿੱਚ ਮੰਗਾਂ ਲਾਗੂ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਆਖ਼ਰੀ ਮੌਕਾ ਦਿੱਤਾ ਹੈ।