ਸਰ ਮਾਰਸ਼ਲ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਸਰ ਮਾਰਸ਼ਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ
Publish Date: Mon, 23 Nov 2026 05:04 PM (IST)
Updated Date: Mon, 23 Nov 2026 05:07 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸਰ ਮਾਰਸ਼ਲ ਸਕੂਲ, ਬੈਂਸ ਅਵਾਣ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਵਿੱਚ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਦੌਰਾਨ ਬੱਚਿਆਂ ਨੇ ਭੰਗੜਾ, ਗਿੱਧਾ, ਨਾਟਕਾਂ ਅਤੇ ਕੋਰੀਓਗ੍ਰਾਫੀਆਂ ਰਾਹੀਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਸੁਖਵਿੰਦਰ ਸਿੰਘ ਅਰੋੜਾ ਅਤੇ ਲੇਖਕ ਵਰਿੰਦਰ ਨਿਮਾਣਾ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਚੇਅਰਮੈਨ ਰਜਿੰਦਰ ਮਾਰਸ਼ਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਿੰਸੀਪਲ ਨੇ ਸਮੂਹ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ।