ਸਰਕਾਰੀ ਹਸਪਤਾਲ ਟਾਂਡਾ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਸਰਕਾਰੀ ਹਸਪਤਾਲ ਟਾਂਡਾ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ
Publish Date: Fri, 13 Nov 2026 05:54 PM (IST)
Updated Date: Fri, 13 Nov 2026 05:54 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ: ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਟਾਂਡਾ ਡਾ. ਜਤਿੰਦਰ ਸਿੰਘ ਗਿੱਲ ਤੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਟਾਂਡਾ ਦੀਆਂ ਸਮੂਹ ਸਿਹਤ ਟੀਮਾਂ ਵੱਲੋਂ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਖੜ੍ਹੇ ਪਾਣੀ ਦੀ ਜਾਂਚ ਕੀਤੀ ਅਤੇ ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਨਸ਼ਟ ਕਰਵਾਇਆ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਛੱਤਾਂ ਅਤੇ ਪਾਣੀ ਇਕੱਠਾ ਹੋਣ ਵਾਲੀਆਂ ਹੋਰ ਥਾਵਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਘਰਾਂ ਤੇ ਆਲੇ-ਦੁਆਲੇ ਪਾਣੀ ਜਮ੍ਹਾਂ ਹੋਣ ਵਾਲੀਆਂ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਸਫ਼ਾਈ ਰੱਖਣ ਅਤੇ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।