ਪਟਾਕਿਆਂ ਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ
ਪਟਾਕਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ
Publish Date: Thu, 05 Nov 2026 05:22 PM (IST)
Updated Date: Thu, 05 Nov 2026 05:23 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਦੀਵਾਲੀ ਦੇ ਤਿਉਹਾਰ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਜ਼ਿਲ੍ਹਾ ਵਾਸੀਆਂ ਨੂੰ ਪਟਾਕਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਅਤੇ ਖੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਪਟਾਕਿਆਂ ਤੋਂ ਬਿਨਾਂ ਵੀ ਉਤਸ਼ਾਹ ਨਾਲ ਮਨਾਇਆ ਜਾ ਸਕਦਾ ਹੈ। ਪਟਾਕਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਚਮੜੀ ਦੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਉੱਚੀ ਆਵਾਜ਼ ਵਾਲੇ ਪਟਾਕੇ ਸੁਣਨ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। ਬੱਚਿਆਂ, ਬਜ਼ੁਰਗਾਂ ਅਤੇ ਦਮੇ ਦੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਪਟਾਕਿਆਂ ਕਾਰਨ ਅੱਖਾਂ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਸੱਟ ਲੱਗਣ ਦਾ ਖ਼ਤਰਾ ਰਹਿੰਦਾ ਹੈ। ਜੇਕਰ ਅੱਖ ਵਿੱਚ ਸੱਟ ਲੱਗ ਜਾਵੇ ਤਾਂ ਉਸ ਨੂੰ ਰਗੜਨ ਜਾਂ ਘਰੇਲੂ ਇਲਾਜ ਕਰਨ ਦੀ ਬਜਾਏ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸ਼ੁੱਧ ਅਤੇ ਤਾਜ਼ਾ ਭੋਜਨ ਖਾਣ, ਮਿਲਾਵਟੀ ਮਠਿਆਈਆਂ ਤੋਂ ਬਚਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।