- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪ੍ਰਬੰਧ ਨੂੰ ਸੁਧਾਰਨ, ਰਜਵਾਹਿਆਂ, ਕੱਸੀਆਂ ਅਤੇ ਸੂਇਆਂ ਨੂੰ ਠੀਕ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਦਾ ਨਤੀਜਾ ਹੈ ਕਿ ਹੁਣ 80 ਫ਼ੀਸਦੀ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਇਲਾਕਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10 ਤੋਂ 15 ਫੁੱਟ ਤੱਕ ਉੱਪਰ ਆਇਆ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਸੰਕਟ ਵਿੱਚੋਂ ਕੱਢ ਕੇ ਮੁੜ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣਾ ਸਰਕਾਰ ਦੀ ਤਰਜੀਹ ਹੈ। ਪੰਜਾਬ ਦਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ ਇੱਕ ਸਮਾਂ ਅਜਿਹਾ ਵੀ ਆ ਗਿਆ ਸੀ ਜਦੋਂ ਪੰਜਾਬ ਦੇ ਮਾਰੂਥਲ ਬਣਨ ਦੀਆਂ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਸਨ, ਪਰ ਹੁਣ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਨਾਲ ਹਾਲਾਤ ਬਦਲਣ ਲੱਗੇ ਹਨ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਇਨਾਮ ਵੰਡ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪ੍ਰਬੰਧ ਨੂੰ ਸੁਧਾਰਨ, ਰਜਵਾਹਿਆਂ, ਕੱਸੀਆਂ ਅਤੇ ਸੂਇਆਂ ਨੂੰ ਠੀਕ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਦਾ ਨਤੀਜਾ ਹੈ ਕਿ ਹੁਣ 80 ਫ਼ੀਸਦੀ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਇਲਾਕਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10 ਤੋਂ 15 ਫੁੱਟ ਤੱਕ ਉੱਪਰ ਆਇਆ ਹੈ। ਉਨ੍ਹਾਂ ਇਸ ਨੂੰ ਪੰਜਾਬ ਦੇ ਭਵਿੱਖ ਲਈ ਵੱਡੀ ਉਮੀਦ ਕਰਾਰ ਦਿੱਤਾ।
ਖੇਤੀਬਾੜੀ ਅਤੇ ਪੰਜਾਬ ਦੀ ਖੁਸ਼ਹਾਲੀ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਖੇਤਾਂ ਵਿੱਚ ਲਹਿਰਾਉਂਦੀਆਂ ਫ਼ਸਲਾਂ ਅਤੇ ਖੇਡ ਮੈਦਾਨਾਂ ਵਿੱਚ ਨੱਚਦੀ ਜਵਾਨੀ ਪੰਜਾਬ ਦੀ ਅਸਲ ਤਸਵੀਰ ਹੈ। ਪੰਜਾਬ ਦੀ ਪਛਾਣ ਉਸ ਦੀ ਉਪਜਾਊ ਧਰਤੀ, ਮਿਹਨਤੀ ਕਿਸਾਨਾਂ ਅਤੇ ਜ਼ਿੰਦਾਦਿਲ ਨੌਜਵਾਨਾਂ ਨਾਲ ਹੈ। ਸਾਨੂੰ ਪੰਜਾਬ ਨੂੰ ਕੈਲੀਫੋਰਨੀਆ, ਲੰਡਨ ਜਾਂ ਪੈਰਿਸ ਬਣਾਉਣ ਦੀ ਲੋੜ ਨਹੀਂ, ਸਗੋਂ ਆਪਣੇ ਪੰਜਾਬ ਨੂੰ ਮੁੜ ਪਹਿਲਾਂ ਵਰਗਾ ਰੰਗਲਾ ਅਤੇ ਖੁਸ਼ਹਾਲ ਬਣਾਉਣਾ ਹੈ।
ਉਨ੍ਹਾਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਦੇ ਹਰ ਜੀਵ ਦੇ ਭਲੇ ਦੀ ਅਰਦਾਸ ਕਰਨ ਵਾਲੇ ਹਨ। ਗੁਰਬਾਣੀ ਦੀ ਤੁਕ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਸਾਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਹਵਾ, ਪਾਣੀ ਤੇ ਧਰਤੀ ਦੀ ਸੰਭਾਲ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ, ਸ਼ਹੀਦਾਂ ਅਤੇ ਫ਼ਕੀਰਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਸੂਬੇ ਦੀ ਤਰੱਕੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਅਰਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨਾਅਰਿਆਂ ਵਿੱਚ ਅੱਜ ਵੀ ਉਨਾ ਹੀ ਜੋਸ਼ ਅਤੇ ਜਜ਼ਬਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ।