
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਖਬੀਰ ਬਾਦਲ ’ਤੇ ਹਮਲੇ ਦੀ ਅਕਾਲੀ ਦਲ ਹੁਸ਼ਿਆਰਪੁਰ ਵੱਲੋਂ ਨਿੰਦਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਅਕਾਲੀ ਦਲ ਹੁਸ਼ਿਆਰਪੁਰ ਵੱਲੋਂ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਅੰਦਰ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸਥਾਨ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਹਮਲਾਵਰ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਦਵਿੰਦਰ ਸਿੰਘ ਬਾਹੋਵਾਲ, ਸ਼ਮਸ਼ੇਰ ਸਿੰਘ ਭਾਰਦਵਾਜ, ਹਰਿੰਦਰਪਾਲ ਸਿੰਘ ਝਿੰਗੜ, ਰਾਣਾ ਰਣਵੀਰ ਸਿੰਘ, ਸੰਤੋਖ ਸਿੰਘ ਔਜਲਾ, ਜਪਿੰਦਰ ਅਟਵਾਲ, ਰਵਿੰਦਰਪਾਲ ਸਿੰਘ ਮਿੰਟੂ, ਸਤਵਿੰਦਰ ਆਹਲੂਵਾਲੀਆ ਅਤੇ ਗੁਰਪ੍ਰੀਤ ਸਿੰਘ ਕੋਹਲੀ ਵੀ ਹਾਜ਼ਰ ਸਨ।