ਆਰਬੀਯੂ ’ਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਕਰਵਾਈ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਰਾਇਤ ਬਾਹਰਾ ਯੂਨੀਵਰਸਿਟੀ ਵਿਖੇ ਜਾਗਰੂਕਤਾ ਮੁਹਿੰਮ ਕਰਵਾਈ
Publish Date: Thu, 19 Nov 2026 04:52 PM (IST)
Updated Date: Thu, 19 Nov 2026 04:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਕੌਮੀ ਸੇਵਾ ਯੋਜਨਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ ਸਾਇੰਸਜ਼ ਦੀ ਡੀਨ ਅਤੇ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਜਯੋਤਸਨਾ ਨੇ ਮਾਹਿਰਾਂ ਦਾ ਸਵਾਗਤ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜ਼ਮੀਨ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਤੋਂ ਜਾਣੂ ਕਰਵਾਉਂਦਿਆਂ ਇਸ ਦੀ ਵਰਤੋਂ ਬਾਇਓਗੈਸ, ਊਰਜਾ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਕਰਨ ਬਾਰੇ ਵੀ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਸੰਭਾਲ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਚੰਦਰ ਮੋਹਨ ਅਤੇ ਹੋਰ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਚੰਦਰ ਮੋਹਨ ਨੇ ਵਾਤਾਵਰਣ ਦੀ ਸੁਰੱਖਿਆ ਵਿੱਚ ਐੱਨ.ਐੱਸ.ਐੱਸ. ਵਲੰਟੀਅਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।