ਸਿਹਤ ਵਿਭਾਗ ਨੇ ਕਰਵਾਈ ਜਾਗਰੂਕਤਾ ਮੀਟਿੰਗ
ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੀਟਿੰਗ
Publish Date: Fri, 27 Nov 2026 03:25 PM (IST)
Updated Date: Fri, 27 Nov 2026 03:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅਨਿਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡਾ. ਰੋਹਿਣੀ ਗੋਇਲ ਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਏਐਮਆਰ ਸਟੇਟ ਟੀਮ ਦੀ ਪ੍ਰਤੀਨਿਧ ਡਾ. ਪਰਮਿੰਦਰ ਕੌਰ ਚਾਵਲਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਜਾਗਰੂਕਤਾ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਐਂਟੀਮਾਈਕ੍ਰੋਬੀਅਲ ਦਵਾਈਆਂ ਦੀ ਗਲਤ ਅਤੇ ਬੇਲੋੜੀ ਵਰਤੋਂ ਕਾਰਨ ਇਨ੍ਹਾਂ ਦਾ ਅਸਰ ਘਟਣ ਲੱਗਦਾ ਹੈ, ਜਿਸ ਨਾਲ ਇਨਫੈਕਸ਼ਨਾਂ ਦਾ ਇਲਾਜ ਮੁਸ਼ਕਿਲ ਹੋ ਸਕਦਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਐਂਟੀਬਾਇਓਟਿਕਸ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਕਰਨ, ਸਫ਼ਾਈ ਰੱਖਣ ਅਤੇ ਮਰੀਜ਼ਾਂ ਨੂੰ ਦਵਾਈਆਂ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਕਿਹਾ। ਐਸਐਮਓ ਡਾ. ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਹਸਪਤਾਲ ਵਿੱਚ ਇਨਫੈਕਸ਼ਨ ਕੰਟਰੋਲ ਅਤੇ ਦਵਾਈਆਂ ਦੀ ਤਰਕਸੰਗਤ ਵਰਤੋਂ ਸਬੰਧੀ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਬਿਨਾਂ ਡਾਕਟਰੀ ਸਲਾਹ ਤੋਂ ਐਂਟੀਬਾਇਓਟਿਕਸ ਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਪ੍ਰਭਲੀਨ, ਮਨੂੰ ਚੋਪੜਾ ਅਤੇ ਹਰਪ੍ਰੀਤ ਕੌਰ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।