ਆਰਬੀਯੂ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਜਾਗਰੂਕਤਾ ਸੈਮੀਨਾਰ
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਜਾਗਰੂਕਤਾ ਸੈਮੀਨਾਰ
Publish Date: Thu, 29 Oct 2026 03:58 PM (IST)
Updated Date: Thu, 29 Oct 2026 04:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਵਿਜੀਲੈਂਸ ਬਿਊਰੋ ਦੇ ਡੀਐੱਸਪੀ ਮਨਦੀਪ ਸਿੰਘ ਸੇਖੋਂ ਨੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਚੰਦਰ ਮੋਹਨ, ਆਰਟੀਏ ਅਮਨਦੀਪ ਕੌਰ ਅਤੇ ਹੋਰ ਅਧਿਕਾਰੀਆਂ ਸਮੇਤ ਕਰੀਬ 200 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਸਟਾਫ਼ ਮੈਂਬਰਾਂ ਅਤੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਡੀਐੱਸਪੀ ਮਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਇੱਕ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੀ ਸਹੁੰ ਚੁਕਾਈ ਗਈ। ਡੀਐੱਸਪੀ ਸੇਖੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕਰਨ। ਇਸ ਮੌਕੇ ਜਾਗਰੂਕਤਾ ਪੈਂਫਲਿਟ ਵੀ ਵੰਡੇ ਗਏ।