ਹਰਪਾਲ ਭੱਟੀ, ਗੜ੍ਹਦੀਵਾਲਾ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਸੁਚੇਤਾ ਅਸ਼ੀਸ਼ ਦੇਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਸਮਾਜ ਦੇ ਹਰ ਲੋੜੀਦੇ ਵਰਗ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਸਬੰਧੀ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਹੈਲਪ ਡੈਸਕ ਖੋਲਿਆ ਗਿਆ। ਇਸ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੈਰਾ ਲੀਗਲ ਵਲੰਟੀਅਰ ਸਤਪਾਲ ਡਡਵਾਲ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸਮਾਜ ਦੇ ਹਰ ਲੋੜੀਦੇ ਵਰਗ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ, ਜਿਸ ਵਿਚ ਅਨੁਸੂਚਿਤ ਜਾਤੀ, ਅਨਸੂਚਿਤ ਕਬੀਲੇ ਦਾ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮੇ, ਇਸਤਰੀ/ਬੱਚਾ,ਹਿਰਾਸਤ ਵਿਚ, ਮਾਨਸਿਕ ਰੋਗੀ/ਅਪੰਗ, ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਾ ਹੋਵੇ, ਇਹ ਲੋਕ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ। ਇਸ ਤੋਂ ਇਲਾਵਾ ਉੱਪ ਮੰਡਲ, ਜ਼ਿਲ੍ਹਾ ਜਾਂ ਹਾਈਕੋਰਟ-ਸੁਪਰੀਮ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਵਕੀਲ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਨਾ ਫੀਸ, ਗਵਾਰਾ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵਲੋਂ ਅਦਾਇਗੀ, ਰਾਜੀਨਾਮਾ ਕੇਂਦਰ ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਤੀ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫ਼ਤ ਸੇਵਾਵਾਂ ਦੇਣ ਸਬੰਧੀ ਦੇ ਨਾਲ -ਨਾਲ ਆਦਿ ਮੁਫ਼ਤ ਕਾਨੂੰਨੀ ਸਹਾਇਤਾ ਉਪਲੱਬਧ ਕਰਾਈ ਜਾਂਦੀ ਹੈ। ਪੈਰਾ ਲੀਗਲ ਵਲੰਟੀਅਰ ਸਤਪਾਲ ਡਡਵਾਲ ਨੇ ਅੱਗੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਪ੍ਰਰੋਫਾਰਮੇ ਤੇ ਜਾਂ ਜੁਬਾਨੀ ਬੇਨਤੀ ਕੀਤੀ ਜਾ ਸਕਦੀ ਹੈ,ਇਸ ਤੋਂ ਇਲਾਵਾ ਦਰਖਾਸਤ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਜ਼ਿਲ੍ਹਾ /ਉੱਪ ਮੰਡਲ ਪੱਧਰ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸਿਵਲ ਜੱਜ (ਸੀਨੀਅਰ ਡਵੀਜ਼ਨ), ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਫਤਰ ਵਿਖੇ ਜਾਂ ਲੀਗਲ ਏਡ ਕਲੀਨਿਕ /ਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਪੇਸ਼ ਕੀਤੀ ਜਾ ਸਕਦੀ ਹੈ ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਜੀਤ ਕੌਰ ਬੁੱਟਰ, ਸਾਬਕਾ ਨਗਰ ਕੌਂਸਲ ਪ੍ਰਧਾਨ ਕੈਪ ਅਮਰੀਕ ਸਿੰਘ, ਕੌਂਸਲਰ ਸ਼ਿਵ ਦਿਆਲ, ਅਨਿਲ ਗੁਪਤਾ, ਪਰਮਜੀਤ ਕੌਰ, ਨਰਿੰਦਰ ਕੌਰ ਬੈਂਸ, ਗੁਰਦੀਪ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ ਲਾਡੀ ਬੁੱਟਰ, ਪ੍ਰਰੋ.ਸ਼ਾਮ ਸਿੰਘ, ਸ਼ੁਭਮ ਸਹੋਤਾ, ਗਗਨ ਕੌਸ਼ਲ, ਭੁਪਿੰਦਰ ਸਿੰਘ ਸਰਹਾਲਾ, ਕਿੰਦਰਪਾਲ ਸਿੰਘ ਰੰਧਾਵਾ, ਲਖਵੀਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ।