Big Relief : ਯਾਤਰੀਆਂ ਨੂੰ ਮਿਲੀ ਵੱਡੀ ਰਾਹਤ, ਗੱਲਬਾਤ ਮਗਰੋਂ ਸਰਕਾਰੀ ਬੱਸਾਂ ਦੀ ਹੜਤਾਲ ਮੁਲਤਵੀ; ਆਮ ਵਾਂਗ ਸੇਵਾਵਾਂ ਸ਼ੁਰੂ
ਇਹ ਹੜਤਾਲ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ ਦੀਆਂ ਮਜ਼ਦੂਰੀ ਨੀਤੀਆਂ ਅਤੇ ਨਿੱਜੀਕਰਨ ਦੇ ਵਿਰੋਧ ਵਿੱਚ ਦੇਸ਼ਵਿਆਪੀ ਹੜਤਾਲ ਦਾ ਹਿੱਸਾ ਹੈ।
Publish Date: Thu, 12 Feb 2026 05:33 PM (IST)
Updated Date: Thu, 12 Feb 2026 05:38 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੀਆਂ ਬੱਸ ਸੇਵਾਵਾਂ ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਪ੍ਰਭਾਵਿਤ ਰਹੀਆਂ। ਠੇਕਾ ਕਰਮਚਾਰੀਆਂ ਨੇ ਨਿੱਜੀਕਰਨ ਦੇ ਵਿਰੋਧ ਵਿੱਚ ਸੂਬਾ ਪੱਧਰੀ ਹੜਤਾਲ ਕੀਤੀ।
ਇਹ ਹੜਤਾਲ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ ਦੀਆਂ ਮਜ਼ਦੂਰੀ ਨੀਤੀਆਂ ਅਤੇ ਨਿੱਜੀਕਰਨ ਦੇ ਵਿਰੋਧ ਵਿੱਚ ਦੇਸ਼ਵਿਆਪੀ ਹੜਤਾਲ ਦਾ ਹਿੱਸਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈਸ ਨੋਟ ਰਾਂਹੀ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਨਿੱਜੀਕਰਨ ਨੂੰ ਵਧਾਵਾ ਦੇ ਰਹੀ ਹੈ ਅਤੇ ਠੇਕਾ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਸਮੇਤ ਕਈ ਮੰਗਾਂ ਲੰਬੇ ਸਮੇਂ ਤੋਂ ਪੈਂਡਿੰਗ ਹਨ।
ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਯੂਨੀਅਨ ਜੇਲ੍ਹ ਵਿੱਚ ਬੰਦ ਕਰਮਚਾਰੀਆਂ ਦੀ ਰਿਹਾਈ, ਡਿਊਟੀ ਤੋਂ ਹਟਾਏ ਗਏ ਮੁਲਾਜ਼ਮਾਂ ਦੀ ਬਹਾਲੀ, ਠੇਕੇਦਾਰੀ ਪ੍ਰਥਾ ਖਤਮ ਕਰਨ, ਤਨਖਾਹ ਬਰਾਬਰੀ ਅਤੇ ਹੋਰ ਸਰਕਾਰੀ ਬੱਸਾਂ ਸ਼ਾਮਲ ਕਰਨ ਦੀ ਮੰਗ ਕਰ ਰਹੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਦਰਸ਼ਨ ਦੌਰਾਨ ਕਈ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
ਹਾਲਾਂਕਿ ਬਾਅਦ ਵਿੱਚ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਯੂਨੀਅਨ ਨੇ ਹੜਤਾਲ ਅਤੇ ਧਰਨਾ ਮੁਅੱਤਲ ਕਰਨ ਦਾ ਐਲਾਨ ਕੀਤਾ। ਅਧਿਕਾਰੀਆਂ ਵੱਲੋਂ ਕਰਮਚਾਰੀਆਂ ਦੀ ਰਿਹਾਈ ਅਤੇ ਮੰਗਾਂ ’ਤੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
ਯੂਨੀਅਨ ਮੁਤਾਬਕ ਗੱਲਬਾਤ ਤੋਂ ਬਾਅਦ ਬੱਸ ਸੇਵਾਵਾਂ ਮੁੜ ਚਾਲੂ ਹੋ ਗਈਆਂ।