ਬਿੱਲਾ ਖੜੌਦੀ ਨੇ ਖੋਲ੍ਹੇ ਪੱਤੇ, ਆਜ਼ਾਦ ਚੋਣ ਲੜਨ ਦੇ ਦਿੱਤੇ ਸੰਕੇਤ 'ਆਪ' ਨੂੰ ਅਲਵਿਦਾ ਕਹਿਣ ਤੋਂ ਬਾਅਦ ਬਿੱਲਾ ਖੜੌਦੀ ਨੇ ਖੋਲ੍ਹੇ ਭਵਿੱਖ ਦੀ ਸਿਆਸਤ ਦੇ ਪੱਤੇ
Publish Date: Sat, 14 Nov 2026 03:54 PM (IST)
Updated Date: Sat, 14 Nov 2026 03:57 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ: ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਪੁਰਾਣੇ ਆਗੂ ਬਿੱਲਾ ਖੜੌਦੀ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਬੰਧੀ ਫੇਸਬੁੱਕ ਤੇ ਪੋਸਟ ਸਾਂਝੀ ਕਰਨ ਤੋਂ ਬਾਅਦ ਇਲਾਕੇ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਿੱਲਾ ਖੜੌਦੀ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਛੱਡਣ ਦੇ ਕਾਰਨਾਂ ਦਾ ਖੁਲਾਸਾ ਕਰਨਗੇ। ਇਸ ਦੇ ਨਾਲ ਹੀ ਉਹ ਆਪਣੀਆਂ ਭਵਿੱਖ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁਰਾਣੇ ਸਾਥੀਆਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਪਿੰਡ-ਪਿੰਡ ਜਾ ਕੇ ਸਾਥੀਆਂ ਨੂੰ ਲਾਮਬੰਦ ਕਰਨ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਸਬੰਧੀ ਸਲਾਹ-ਮਸ਼ਵਰਾ ਕਰ ਰਹੇ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਸਾਥੀਆਂ ਦੀ ਸਲਾਹ ਅਤੇ ਸਮਰਥਨ ਦੇ ਆਧਾਰ ਤੇ ਉਹ ਆਜ਼ਾਦ ਉਮੀਦਵਾਰ ਵਜੋਂ ਜਾਂ ਕਿਸੇ ਸਿਆਸੀ ਪਾਰਟੀ ਵੱਲੋਂ ਟਿਕਟ ਮਿਲਣ ਦੀ ਸੂਰਤ ਵਿੱਚ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਬਿੱਲਾ ਖੜੌਦੀ ਦੇ ਇਸ ਬਿਆਨ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਅਗਲੀ ਸਿਆਸੀ ਚਾਲ ਨੂੰ ਲੈ ਕੇ ਇਲਾਕੇ ਦੇ ਸਿਆਸੀ ਹਲਕਿਆਂ ਵਿੱਚ ਕਿਆਸਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਉਨ੍ਹਾਂ ਦੀ ਪ੍ਰਸਤਾਵਿਤ ਪ੍ਰੈੱਸ ਕਾਨਫਰੰਸ ਤੇ ਟਿਕੀਆਂ ਹੋਈਆਂ ਹਨ।