ਟੁੱਟੀਆਂ ਸੜਕਾਂ ਦੇ ਵਿਰੋਧ ’ਚ ਅਕਾਲੀ ਦਲ ਦੇ ਯੂਥ ਵਿੰਗ ਨੇ ਕੀਤਾ ਅਨੋਖਾ ਪ੍ਰਦਰਸ਼ਨ ਟੁੱਟੀਆਂ ਸੜਕਾਂ ਦੇ ਵਿਰੋਧ ’ਚ ਅਕਾਲੀ ਦਲ ਦੇ ਯੂਥ ਵਿੰਗ ਨੇ ਕੀਤਾ ਅਨੋਖਾ ਪ੍ਰਦਰਸ਼ਨ
Publish Date: Thu, 19 Nov 2026 04:19 PM (IST)
Updated Date: Thu, 19 Nov 2026 04:21 PM (IST)
ਇਹ ਸੜਕ ਕੇਂਦਰ ਸਰਕਾਰ ਨਾਲ ਸਬੰਧਤ ਹੈ ਸਾਡਾ ਕੋਈ ਲੈਣਾ ਦੇਣਾ ਵਿਧਾਇਕ ਜਿੰਪਾ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਹੁਸ਼ਿਆਰਪੁਰ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਅੱਜ ਬਜਵਾੜਾ ਬਾਈਪਾਸ ਨੇੜੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਦੇ ਬੂਟ ਪਾਲਿਸ਼ ਕਰਕੇ ਭਾਨ ਇਕੱਠੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਬੂਟ ਪਾਲਿਸ਼ ਕਰਕੇ ਇਕੱਠੀ ਕੀਤੀ ਗਈ ਇਹ ਰਕਮ ਹਲਕੇ ਦੇ ਮੌਜੂਦਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਦਿੱਤੀ ਜਾਵੇਗੀ, ਤਾਂ ਜੋ ਉਹ ਇਸ ਪੈਸੇ ਨਾਲ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾ ਸਕਣ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਹਰਜੀ ਬਾਜਵਾ ਨੇ ਕਿਹਾ ਕਿ ਅੱਜ ਹੁਸ਼ਿਆਰਪੁਰ ਦੇ ਹਾਲਾਤ ਬੇਹੱਦ ਮਾੜੇ ਹੋ ਚੁੱਕੇ ਹਨ ਅਤੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਥਿਤੀ ਲਈ ਇਲਾਕੇ ਦੇ ਮੌਜੂਦਾ ਵਿਧਾਇਕ ਜ਼ਿੰਮੇਵਾਰ ਹਨ, ਕਿਉਂਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸੜਕਾਂ ਦੇ ਸੁਧਾਰ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ। ਹਰਜੀ ਬਾਜਵਾ ਨੇ ਕਿਹਾ ਕਿ ਜਦੋਂ ਬ੍ਰਹਮ ਸ਼ੰਕਰ ਜਿੰਪਾ ਵਿਰੋਧੀ ਧਿਰ ਵਿੱਚ ਸਨ ਤਾਂ ਉਹ ਹੁਸ਼ਿਆਰਪੁਰ ਦੀਆਂ ਖਸਤਾ ਹਾਲਤ ਸੜਕਾਂ ਨੂੰ ਲੈ ਕੇ ਸੜਕਾਂ ਉੱਤੇ ਝੋਨਾ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੁੰਦੇ ਸਨ। ਉਸ ਸਮੇਂ ਉਨ੍ਹਾਂ ਵੱਲੋਂ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਜਾਂਦਾ ਸੀ, ਪਰ ਅੱਜ ਜਦੋਂ ਉਨ੍ਹਾਂ ਦੀ ਆਪਣੀ ਸਰਕਾਰ ਸੱਤਾ ਵਿੱਚ ਹੈ ਤਾਂ ਵੀ ਹੁਸ਼ਿਆਰਪੁਰ ਦੀਆਂ ਸੜਕਾਂ ਦੇ ਹਾਲਾਤ ਵਿੱਚ ਕੋਈ ਖਾਸ ਸੁਧਾਰ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਆਗੂਆਂ ਨੂੰ ਹੁਣ ਲੋਕਾਂ ਦੀਆਂ ਮੁਸ਼ਕਲਾਂ ਵੀ ਨਜ਼ਰ ਆਉਣੀਆਂ ਚਾਹੀਦੀਆਂ ਹਨ। ਸ਼ਹਿਰ ਦੀਆਂ ਟੁੱਟੀਆਂ ਸੜਕਾਂ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਥ ਆਗੂ ਨੇ ਕਿਹਾ ਕਿ ਬੂਟ ਪਾਲਿਸ਼ ਕਰਕੇ ਭਾਨ ਇਕੱਠੀ ਕਰਨ ਦਾ ਇਹ ਪ੍ਰਦਰਸ਼ਨ ਸਰਕਾਰ ਅਤੇ ਵਿਧਾਇਕ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦੌਰਾਨ ਇਕੱਠੀ ਹੋਣ ਵਾਲੀ ਸਾਰੀ ਰਕਮ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਸੌਂਪੀ ਜਾਵੇਗੀ। ਇਸ ਪ੍ਰਦਰਸ਼ਨ ਰਾਹੀਂ ਅਕਾਲੀ ਯੂਥ ਵਿੰਗ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਮੁੱਦਾ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ। ਕੀ ਕਹਿੰਦੇ ਹਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਇਸ ਸਬੰਧੀ ਆਪਣੀ ਪ੍ਰਤਿਕਿਰਆ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਵਿਰੋਧੀ ਧਿਰਕ ਵਿਚ ਰਹਿਣ ਕਾਰਨ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਸੜਕਾਂ ਦਾ ਗਿਆਨ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਸੜਕ ਨੈਸ਼ਨਲ ਹਾਈਵੇਅ ਹੈ ਅਤੇ ਕੇਂਦਰ ਸਰਕਾਰ ਨੇ ਇਸ ਦੀ ਮੁਰੰਮਤ ਕਰਵਾਉਣੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭ ਖ਼ੇਤਰ ਅੰਦਰ ਸਭ ਸੜਕਾਂ ਨਵੀਆਂ ਬਣੀਆਂ ਹਨ। ਇਹ ਪੈਸੇ ਅਕਾਲੀ ਦਲ ਦੇ ਆਗੂ ਭਾਜਪਾ ਆਗੂਆਂ ਨੂੰ ਦੇਣ।