ਪਰਮਿੰਦਰ ਝੋਟਾ ਕਤਲ ਕਾਂਡ ਖ਼ਿਲਾਫ਼ ਹਰਸਾ ਮਾਨਸਰ ’ਚ ਫੂਕਿਆ ‘ਝਾੜੂ’, ਸਰਕਾਰ ਵਿਰੁੱਧ ਨਾਅਰੇਬਾਜ਼ੀ ਪਰਮਿੰਦਰ ਝੋਟਾ ਕਤਲ ਕਾਂਡ ਖ਼ਿਲਾਫ਼ ਹਰਸਾ ਮਾਨਸਰ ’ਚ ਫੂਕਿਆ 'ਝਾੜੂ', ਸਰਕਾਰ ਵਿਰੁੱਧ ਨਾਅਰੇਬਾਜ਼ੀ
Publish Date: Sun, 25 Oct 2026 05:13 PM (IST)
Updated Date: Sun, 25 Oct 2026 05:16 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨਸ਼ਾ ਵਿਰੋਧੀ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਮੋਰਚੇ ਅਤੇ ਐਕਸ਼ਨ ਕਮੇਟੀ ਵੱਲੋਂ ਪੰਜਾਬ ਭਰ ਵਿੱਚ ‘ਝਾੜੂ’ ਫੂਕਣ ਦੇ ਦਿੱਤੇ ਸੱਦੇ ਤਹਿਤ ਨੇੜਲੇ ਕਸਬਾ ਹਰਸਾ ਮਾਨਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਤੇ ਕਾਰਕੁੰਨਾਂ ਨੇ ਪ੍ਰਤੀਕਾਤਮਕ ਤੌਰ ’ਤੇ ‘ਝਾੜੂ’ ਫੂਕ ਕੇ ਸੂਬਾ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੁਮਿਤ ਡਡਵਾਲ ਅਤੇ ਸਚਿਨ ਸਮਿਆਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਬੇਖ਼ੌਫ਼ ਹੋ ਕੇ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਹੋਣਾ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪ੍ਰਚਾਰ ’ਤੇ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕਰ ਰਹੀ ਹੈ, ਜਦਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਕਾਰਕੁੰਨ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਕਾਰਕੁੰਨਾਂ ਨੂੰ ਪ੍ਰਸ਼ਾਸਨ ਵੱਲੋਂ ਲੋੜੀਂਦੀ ਸੁਰੱਖਿਆ ਅਤੇ ਸਹਿਯੋਗ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਝੋਟਾ ਕਤਲ ਕਾਂਡ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।