ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ : ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਬਣੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਜਿਸ ਨੂੰ ਮੁੱਖ ਰੱਖਦਿਆਂ ਮੋਦੀ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਹ ਵਿਚਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੁਹੱਲਾ ਅਸਲਾਮਾਬਾਦ ਅਜੀਤ ਨਗਰ ਹੁਸ਼ਿਆਰਪੁਰ ਵਿਖੇ ਆਪਣੇ ਨਵੇਂ ਸੰਸਦੀ ਦਫ਼ਤਰ ਦੇ ਉਦਘਾਟਨ ਉਪਰੰਤ ਪ੍ਰਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕਾਂ ਨੂੰ ਖੁਦ ਵੀ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ। ਨਵੇਂ ਖੋਲ੍ਹੇ ਦਫ਼ਤਰ ਸਬੰਧੀ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲ਼ਾਂ ਦੇ ਹੱਲ ਲਈ ਅਜਿਹਾ ਕੀਤਾ ਜਾਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਜੇਕਰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਦਫ਼ਤਰ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਨਵੇਂ ਕਾਨੂੰਨਾਂ ਸੀਏਏ ਅਤੇ ਐੱਨਆਰਸੀ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਕਰਨ ਤੋਂ ਇਨਕਾਰ ਕੀਤੇ ਜਾਣ ਸਬੰਧੀ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ 'ਤੇ ਸਿਆਸਤ ਕਰ ਰਹੇ ਹਨ,ਪਰੰਤੂ ਅਜਿਹੇ ਕਾਨੂੰਨਾਂ ਨੂੰ ਲਾਗੂ ਕਰਨ ਜਾਂ ਨਾ ਕਰਨ ਬਾਰੇ ਸੂਬਾਈ ਸਰਕਾਰਾਂ ਕੋਲ ਕੋਈ ਅਧਿਕਾਰ ਨਹੀਂ ਹੁੰਦੇ, ਕਿਉਂਕਿ ਇਹ ਕੇਂਦਰ ਸਰਕਾਰ ਦਾ ਵਿਸ਼ਾ ਹੈ।ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋਕ ਸਭਾ ਦੀਆਂ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰੇ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ, ਇਸ ਦਿਸ਼ਾ ਵਿਚ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾਵਾਂ ਦਾ ਵਿਸਥਾਰ ਉਨ੍ਹਾਂ ਦੇ ਪਹਿਲੇ ਏਜੰਡੇ 'ਤੇ ਹੈ। ਮੈਡੀਕਲ ਕਾਲਜ ਦੀ ਸਥਾਪਨਾ ਦੀ ਦਿਸ਼ਾ 'ਚ ਵੀ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਕੰਮ ਕਰਨ ਵਾਲੇ ਹਨ, ਉਹ ਸਾਰੇ ਆਪੋ ਆਪਣੇ ਸਮੇਂ 'ਤੇ ਮੁਕੰਮਲ ਹੋ ਜਾਣਗੇ। ਹੁਸ਼ਿਆਰਪੁਰ ਵਿਚ ਸੂਬਾ ਸਰਕਾਰ ਦੇ ਉਦਯੋਗ ਰਾਜ ਮੰਤਰੀ ਦੀ ਮੌਜੂਦਗੀ ਦੇ ਬਾਵਜੂਦ ਜ਼ਿਲ੍ਹੇ 'ਚ ਨਵਾਂ ਉਦਯੋਗ ਸਥਾਪਿਤ ਨਾ ਹੋ ਸਕਣ ਬਾਰੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਕਰਨੇ ਸੂਬਾ ਸਰਕਾਰ ਦੇ ਅਧਿਕਾਰ ਵਿਚ ਹੁੰਦੇ ਹਨ, ਪਰੰਤੂ ਆਪਣੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਬੇਹਤਰੀ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮਕਸਦ ਲਈ ਸੂਬਾ ਸਰਕਾਰ ਆਪਣੀ ਬਣਦੀ ਜ਼ਿੰੰਮੇਵਾਰੀ ਨਿਭਾਵੇ ਅਤੇ ਕੇਂਦਰ ਸਰਕਾਰ ਹਰ ਸੰਭਵ ਸਹਿਯੋਗ ਲਈ ਪੂਰੀ ਤਰ੍ਹਾਂ ਨਾਲ ਤਤੱਪਰ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਬੀਬੀ ਸੁਖਜੀਤ ਕੌਰ ਸ਼ਾਹੀ ਵਿਧਾਇਕ ਦਸੂਹਾ, ਮੇਅਰ ਨਗਰ ਨਿਗਮ ਸ਼ਿਵ ਸੂਦ,ਵਿਜੇ ਪਠਾਣੀਆ ਜ਼ਿਲ੍ਹਾ ਪ੍ਰਧਾਨ,ਨਿਪੁੰਨ ਸ਼ਰਮਾ ਜ਼ਿਲ੍ਹਾ ਮੀਡੀਆ ਇੰਚਾਰਜ,ਵਿਨੋਦ ਪਰਮਾਰ,ਹਰਜਿੰਦਰ ਸਿੰਘ ਵਿਰਦੀ,ਮੁਖੀ ਰਾਮ,ਸਤੀਸ਼ ਬਾਵਾ ਆਦਿ ਹਾਜ਼ਰ ਸਨ।