ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਨਹੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਸਤੀਫਾ ਦਿੱਤਾ : ਮਨਜੀਤ ਦਸੂਹਾ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਨਹੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਸਤੀਫਾ ਦਿੱਤਾ: ਮਨਜੀਤ ਦਸੂਹਾ
Publish Date: Thu, 05 Nov 2026 04:40 PM (IST)
Updated Date: Thu, 05 Nov 2026 04:41 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਚੰਦੂਮਾਜਰਾ ਨੇ ਸਿਰਫ਼ ਪਾਰਟੀ ਤੋਂ ਅਸਤੀਫ਼ਾ ਨਹੀਂ ਦਿੱਤਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਵੀ ਪਿੱਠ ਦਿਖਾਈ ਹੈ। ਉਹ ਵਿਸ਼ੇਸ਼ ਗੱਲਬਾਤ ਦੌਰਾਨ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਬਾਦਲ ਦਲ ਤੋਂ ਵੱਖ ਹੋਏ ਸਨ, ਪਰ ਹੁਣ ਮੁੜ ਉਸੇ ਬਾਦਲ ਦਲ ਵਿੱਚ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀ ਪੰਥਕ ਏਕਤਾ ਦੇ ਰਾਹ ਵਿੱਚ ਵੱਡਾ ਅੜਿੱਕਾ ਬਣੇ ਰਹੇ ਹਨ। ਉਹ ਜਥੇਦਾਰ ਹਰਪ੍ਰੀਤ ਸਿੰਘ ’ਤੇ ਭਾਜਪਾ ਨਾਲ ਸਮਝੌਤਾ ਕਰਨ ਲਈ ਦਬਾਅ ਪਾਉਂਦੇ ਰਹੇ, ਜਦਕਿ ਜਥੇਦਾਰ ਦਾ ਸਪੱਸ਼ਟ ਸਟੈਂਡ ਹੈ ਕਿ ਜਦੋਂ ਤੱਕ ਭਾਜਪਾ ਪੰਜਾਬ ਦੇ ਮਸਲੇ ਹੱਲ ਨਹੀਂ ਕਰਦੀ, ਉਦੋਂ ਤੱਕ ਉਸ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚਕਾਰ ਹੋਏ ਸਮਝੌਤੇ ਨੂੰ ਤੋੜਨ ਵਿੱਚ ਵੀ ਚੰਦੂਮਾਜਰਾ ਅਤੇ ਉਨ੍ਹਾਂ ਦੀ ਟੀਮ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਤੋਂ ਪਿੱਛੇ ਹਟਣ ਵਾਲੇ ਆਗੂਆਂ ਨੂੰ ਸੰਗਤ ਦੀ ਪ੍ਰਵਾਨਗੀ ਨਹੀਂ ਮਿਲੇਗੀ। ਦਸੂਹਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਥੇਦਾਰ ਵੱਲੋਂ 2 ਦਸੰਬਰ ਦੇ ਹੁਕਮਨਾਮੇ ’ਤੇ ਪਹਿਰਾ ਦੇਣ ਕਾਰਨ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਚੰਗੇ ਪੰਥਕ ਪਿਛੋਕੜ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਮਦਨ ਮੋਹਨ ਸਿੰਘ ਮੂਸਾ, ਸੁਖਜਿੰਦਰ ਸਿੰਘ ਸਿੰਘਪੁਰਾ, ਨਿਰਮਲ ਸਿੰਘ ਮੁਕੇਰੀਆਂ, ਸੂਬੇਦਾਰ ਦਿਆਲ ਸਿੰਘ ਬਾਡਾ, ਜਥੇਦਾਰ ਕਿਰਪਾਲ ਸਿੰਘ ਜਾਜਾ, ਮਨੀ ਸਿੰਘ ਕਲੋਆ, ਬਾਬਾ ਗੁਰਟੇਕ ਸਿੰਘ ਮੂਨਕ ਖੁਰਦ, ਜਸਵਿੰਦਰ ਸਿੰਘ ਸੋਨੂੰ ਟਾਂਡਾ, ਬਲਵਿੰਦਰ ਸਿੰਘ ਮਿਆਣੀ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।