- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ, ਮਿਲਾਵਟਖੋਰੀ ’ਤੇ ਰੋਕ ਲਗਾਉਣਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਨਾ ਹੈ। ਇਸੇ ਮੁਹਿੰਮ ਤਹਿਤ ਅੱਜ ਸਵੇਰੇ ਫੂਡ ਸੇਫਟੀ ਅਫ਼ਸਰ ਵਿਵੇਕ ਅਤੇ ਉਨ੍ਹਾਂ ਦੀ ਟੀਮ ਵੱਲੋਂ ਪ੍ਰਭਾਤ ਚੌੰਕ ਅਤੇ ਫਗਵਾੜਾ ਬਾਈਪਾਸ ਵਿਖੇ ਨਾਕੇ ਲਗਾ ਕੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਵਿੱਚ ਲਿਜਾਈਆਂ ਜਾ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਖ਼ਾਸ ਤੌਰ ’ਤੇ ਪਨੀਰ, ਖੋਆ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਵਸਤਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ, ਇਸ ਦੌਰਾਨ ਦੁੱਧ ਦਾ ਇੱਕ ਅਤੇ ਪਨੀਰ ਦਾ ਇੱਕ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ। ਸਿਹਤ ਵਿਭਾਗ ਵੱਲੋਂ ਦੁੱਧ, ਪਨੀਰ, ਖੋਆ ਅਤੇ ਮਠਿਆਈਆਂ ਵਰਗੀਆਂ ਖੁਰਾਕੀ ਵਸਤਾਂ ਦੀ ਖਰੀਦ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਸੁਰੱਖਿਆ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।