ਐਨਪੀਐਸ ਮੁਲਾਜ਼ਮਾਂ ਵੱਲੋਂ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਐਨਪੀਐਸ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ
Publish Date: Thu, 19 Nov 2026 04:13 PM (IST)
Updated Date: Thu, 19 Nov 2026 04:15 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਕਿਹਾ ਕਿ ਮੁੱਖ ਮੰਤਰੀ ਨੇ 24 ਅਕਤੂਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਸੀ ਅਤੇ 18 ਨਵੰਬਰ 2022 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਪਰ ਐਸ.ਓ.ਪੀ. ਅੱਜ ਤੱਕ ਜਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤਣ ਦੇ ਬਾਵਜੂਦ ਐਨਪੀਐਸ ਮੁਲਾਜ਼ਮ ਪੁਰਾਣੀ ਪੈਨਸ਼ਨ ਤੋਂ ਵਾਂਝੇ ਹਨ, ਜੋ ਸਰਕਾਰ ਦੀ ਵਾਅਦਾਖ਼ਿਲਾਫ਼ੀ ਹੈ। ਆਗੂਆਂ ਨੇ ਮੰਗ ਕੀਤੀ ਕਿ ਐਨਪੀਐਸ ਖਾਤੇ ਬੰਦ ਕਰਕੇ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਤੁਰੰਤ ਖੋਲ੍ਹੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ ਸਰਕਾਰ ਨੂੰ ਇਸ ਦਾ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸੁਨਾਮ ਵਿਖੇ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਐਨਪੀਐਸ ਮੁਲਾਜ਼ਮ ਸ਼ਾਮਲ ਹੋਣਗੇ। ਇਸ ਮੌਕੇ ਪ੍ਰਿਤਪਾਲ ਸਿੰਘ ਚੌਟਾਲਾ, ਸੁਰਜੀਤ ਰਾਜਾ, ਵਿਕਾਸ ਸ਼ਰਮਾ, ਸਚਿਨ ਕੁਮਾਰ, ਸੁਰਿੰਦਰ ਸਿੰਘ, ਦਵਿੰਦਰ ਹੁਸ਼ਿਆਰਪੁਰ, ਤਰਸੇਮ ਲਾਲ, ਰਾਜ ਕੁਮਾਰ, ਪਰਮਜੀਤ ਸਿੰਘ, ਨੀਰਜ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।