- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਭਿਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

- ਛੇ ਬੱਚਿਆਂ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਵਾਇਆ
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪ੍ਰੋਜੈਕਟ ‘ਜੀਵਨਜੋਤ’ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਾਲ ਭਿਖਿਆ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਕੀਤੀ ਗਈ। ਇਸੇ ਤਹਿਤ 5 ਅਤੇ 8 ਸਤੰਬਰ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਅਤੇ ਛਾਪੇਮਾਰੀ ਕੀਤੀ ਗਈ। ਟਾਸਕ ਫੋਰਸ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਹਨੂਮਾਨ ਮੰਦਰ, ਸ਼ਨੀ ਮੰਦਰ, ਭੰਗੀ ਚੋਅ, ਫੂਡ ਸਟਰੀਟ ਅਤੇ ਦਸੂਹਾ ਦੇ ਮੇਨ ਬਾਜ਼ਾਰ ਤੇ ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ਨੀ ਮੰਦਰ, ਹੁਸ਼ਿਆਰਪੁਰ ਤੋਂ ਇੱਕ ਬੱਚੇ ਅਤੇ ਸਬਜ਼ੀ ਮੰਡੀ, ਪੁਰਹੀਰਾਂ ਤੋਂ ਪੰਜ ਬੱਚਿਆਂ ਨੂੰ ਬਾਲ ਭਿਖਿਆ ਤੋਂ ਮੁਕਤ ਕਰਵਾਇਆ ਗਿਆ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਵੱਲੋਂ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਭਲਾਈ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਚਿਲਡਰਨ ਹੋਮ ਵਿੱਚ ਦਾਖਲ ਕਰਵਾਉਣ ਦਾ ਫੈਸਲਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਜਾਂ ਬਾਲ ਹੈਲਪਲਾਈਨ 1098 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਲ ਭਿਖਿਆ ਵਿਰੁੱਧ ਅਜਿਹੀਆਂ ਚੈਕਿੰਗਾਂ ਪਹਿਲਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਜੇਕਰ ਕੋਈ ਮਾਤਾ-ਪਿਤਾ ਆਪਣੇ ਬੱਚੇ ਤੋਂ ਭਿਖਿਆ ਮੰਗਵਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਦੌਰਾਨ ਬਾਲ ਸੁਰੱਖਿਆ ਅਫ਼ਸਰ ਜੈਸਮੀਨ ਵਸ਼ਿਸ਼ਟ, ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਸੋਸ਼ਲ ਵਰਕਰ ਅਮਨ ਅਤੇ ਸੁਪਰਵਾਈਜ਼ਰ ਦੀਕਸ਼ਾ, ਐੱਸਐੱਚਓ ਸਿਟੀ ਗਗਨ ਸਿੰਘ ਵੱਲੋਂ ਦੋ ਪੁਲਿਸ ਅਧਿਕਾਰੀਆਂ ਨੂੰ ਵੀ ਟਾਸਕ ਫੋਰਸ ਦੀ ਟੀਮ ਨਾਲ ਤਾਇਨਾਤ ਕੀਤਾ ਗਿਆ।