ਪਿੰਡ ਧਨੋਆ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਪਿੰਡ ਧਨੋਆ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sun, 29 Nov 2026 03:52 PM (IST)
Updated Date: Mon, 30 Nov 2026 04:02 AM (IST)
ਸੰਤ ਬਲਵੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ, ਵੱਖ-ਵੱਖ ਪਿੰਡਾਂ ’ਚ ਸੰਗਤ ਨੇ ਕੀਤਾ ਭਰਵਾਂ ਸਵਾਗਤ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਇਤਿਹਾਸਕ ਪਿੰਡ ਧਨੋਆ ਤੋਂ ਐਤਵਾਰ ਨੂੰ ਪਵਿੱਤਰ ਵੇਈਂ ਦੇ ਕੰਢੇ-ਕੰਢੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ 27 ਨਵੰਬਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਧਨੋਆ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਸੰਤ ਬਲਵੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਸੰਗਤ ਨੇ ਗੁਰੂ ਜਸ ਦਾ ਗਾਇਨ ਕਰਦਿਆਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਪਿੰਡ ਧਨੋਆ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਿੰਡ ਹਿੰਮਤਪੁਰ, ਸਤਾਬਕੋਟ, ਵਧਾਈਆ, ਟੇਰਕਿਆਣਾ ਅਤੇ ਛੁਰੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਨਿਰਮਲ ਕੁਟੀਆ ਗਾਲੋਵਾਲ ਵਿਖੇ ਜਾ ਕੇ ਸੰਪੰਨ ਹੋਇਆ। ਜ਼ਿਕਰਯੋਗ ਹੈ ਕਿ ਪਿੰਡ ਧਨੋਆ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਵਿੱਤਰ ਵੇਈਂ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਇੱਥੋਂ ਹੀ ਪਵਿੱਤਰ ਵੇਈਂ ਦੀ ਸ਼ੁਰੂਆਤ ਹੁੰਦੀ ਹੈ। ਸੰਤ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਵੇਈਂ ਦੀ ਸਫ਼ਾਈ ਅਤੇ ਪੁਨਰ ਸੁਰਜੀਤੀ ਦਾ ਕਾਰਜ ਸ਼ੁਰੂ ਹੋਣ ਤੋਂ ਬਾਅਦ ਇਸ ਦੇ ਕੰਢੇ ਵਸੇ ਪਿੰਡਾਂ ਵਿੱਚ ਨਗਰ ਕੀਰਤਨ ਸਜਾਉਣ ਦੀ ਪਰੰਪਰਾ ਜਾਰੀ ਹੈ। ਇਸ ਮੌਕੇ ਇੰਜੀਨੀਅਰ ਸਤਨਾਮ ਸਿੰਘ ਧਨੋਆ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਚੱਕ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਅਮਰਜੀਤ ਸਿੰਘ ਢਾਡੇਕਟਵਾਲ, ਤਰਸੇਮ ਮਿਨਹਾਸ, ਬੀਬੀ ਹਰਮਿੰਦਰ ਕੌਰ, ਸਰਬਜੋਤ ਸਿੰਘ ਸਾਬੀ, ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਸਰਪੰਚ ਸਰਬਜੀਤ ਸਿੰਘ, ਜਸਪਾਲ ਸਿੰਘ, ਰਾਜਿੰਦਰ ਸਿੰਘ, ਸੁਖਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।