- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਭਾਸ਼ਣ ਮੁਕਾਬਲਾ ਕਰਵਾਇਆ

- ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ ਦਾ ਦਿੱਤਾ ਸੰਦੇਸ਼
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ
ਮੁਕੇਰੀਆਂ : ਐੱਸਪੀਐੱਨ ਕਾਲਜ ਮੁਕੇਰੀਆਂ ਵਿਖੇ ਕੌਮਾਂਤਰੀ ਯੁਵਾ ਦਿਵਸ ਮੌਕੇ ਰੈੱਡ ਰਿਬਨ ਕਲੱਬ, ਯੂਥ ਕਲੱਬ ਅਤੇ ਐੱਨਸੀਸੀ ਵਿੰਗ ਵੱਲੋਂ ਸਾਂਝੇ ਤੌਰ ’ਤੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਵਿਸ਼ੇ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾਮੁਕਤ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਭਾਸ਼ਣ ਮੁਕਾਬਲੇ ਵਿੱਚ ਸਨਮਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ, ਮਸਕੀਨਾਂ ਨੇ ਦੂਜਾ ਸਥਾਨ ਅਤੇ ਇੰਦਰ ਕੁਮਾਰ ਜਸਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਦੀ ਇੰਚਾਰਜ ਪ੍ਰੋ. ਅਨੁਰਾਧਾ, ਮੈਂਬਰ ਡਾ. ਗੁਰਪ੍ਰੀਤ ਕੌਰ ਅਤੇ ਐੱਨਸੀਸੀ ਇੰਚਾਰਜ ਡਾ. ਗੋਪੀ ਸ਼ਰਮਾ ਨੇ ਮੁਕਾਬਲੇ ਦੇ ਸਫ਼ਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਸਮੂਹ ਵਿਦਿਆਰਥੀਆਂ ਨੂੰ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਦਾ ਸੰਦੇਸ਼ ਆਪਣੇ ਜੀਵਨ ਵਿੱਚ ਅਪਣਾਉਣ ਦੀ ਸਹੁੰ ਚੁਕਵਾਈ ਗਈ।