- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਨਰਮੰਦ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਨੌਜਵਾਨਾਂ ਨੂੰ ਹੁਨਰ ਦੇ ਨਾਲ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਆਤਮਨਿਰਭਰ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸੇ ਦਿਸ਼ਾ ਵਿੱਚ ਭਲਾਈ ਵਿਭਾਗ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ), ਹੁਸ਼ਿਆਰਪੁਰ ਵਿਖੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵੱਖ-ਵੱਖ ਟਰੇਡਾਂ ਦੇ ਪਾਸ-ਆਊਟ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਜਿੰਪਾ ਨੇ ਕਿਹਾ ਕਿ ਜੇਕਰ ਕਿਸੇ ਨੌਜਵਾਨ ਦੇ ਹੱਥ ਵਿੱਚ ਹੁਨਰ ਹੋਵੇ ਅਤੇ ਉਸ ਹੁਨਰ ਨੂੰ ਕੰਮ ਵਿੱਚ ਬਦਲਣ ਲਈ ਲੋੜੀਂਦੇ ਸਾਧਨ ਵੀ ਹੋਣ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਦਾ ਹੈ, ਸਗੋਂ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੀ ਦਿਸ਼ਾ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਮਿਲੇ।
ਉਨ੍ਹਾਂ ਕਿਹਾ ਕਿ ਟੂਲ ਕਿੱਟਾਂ ਸਿਰਫ਼ ਔਜਾਰਾਂ ਦੀ ਕਿੱਟ ਹੀ ਨਹੀਂ ਸਗੋਂ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਸ਼ੁਰੂਆਤ ਹੈ। ਵਿਧਾਇਕ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਸਮਾਜਿਕ ਨਿਆਂ ਦੀ ਦਿਸ਼ਾ ਵਿੱਚ ਵੀ ਇੱਕ ਮਹੱਤਵਪੂਰਨ ਕਦਮ ਹੈ। ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇਣ ਵਾਲਾ ਬਣਨ ਲਈ ਵੀ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਪੁਸ਼ਪਿੰਦਰ ਸਿੰਘ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਕੌਂਸਲਰ ਹਰਿੰਦਰ ਸਿੰਘ ਹੈਰੀ, ਟ੍ਰੇਨਿੰਗ ਅਧਿਕਾਰੀ ਅਸ਼ਵਨੀ ਕੁਮਾਰ ਗਾਂਧੀ, ਮਸਤ ਰਾਮ, ਸਤਪਾਲ ਸਿੰਘ, ਦਿਆਲ ਸਿੰਘ, ਕਮਲਪ੍ਰੀਤ ਕੌਰ, ਗਰਿਮਾ, ਜਗਦੀਪ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਰਵੀ ਕੁਮਾਰ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।