ਮਾਨਸਿਕ ਤੰਦਰੁਸਤੀ ਲਈ ਕਲਾ ਗਤੀਵਿਧੀ ਕਰਵਾਈ ਮਾਨਸਿਕ ਤੰਦਰੁਸਤੀ ਲਈ ਕਲਾ ਗਤੀਵਿਧੀ ਕਰਵਾਈ
Publish Date: Wed, 25 Nov 2026 03:45 PM (IST)
Updated Date: Wed, 25 Nov 2026 03:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਹੈਲਥ ਐਂਡ ਵੈੱਲਨੈੱਸ ਕਲੱਬ ਵੱਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਕਾਲਜ ਵਿਖੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਮਾਨਸਿਕ ਤੰਦਰੁਸਤੀ ਕਲਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਵੱਖ-ਵੱਖ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਭਾਵਨਾਤਮਕ ਤੰਦਰੁਸਤੀ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੜ੍ਹਾਈ ਦੇ ਰੋਜ਼ਾਨਾ ਤਣਾਅ ਤੋਂ ਰਾਹਤ ਪ੍ਰਦਾਨ ਕਰਨਾ ਸੀ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਕੈਨਵਸ ਅਤੇ ਕਾਗਜ਼ਾਂ ਉੱਤੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਦਿਆਂ ਆਪਣੀਆਂ ਅੰਦਰੂਨੀ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ। ਇਸ ਸੈਸ਼ਨ ਦਾ ਸੰਚਾਲਨ ਹੈਲਥ ਐਂਡ ਵੈੱਲਨੈੱਸ ਕਲੱਬ ਦੀ ਪ੍ਰਧਾਨ ਸੋਨਾਲੀ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਪ੍ਰੋਫੈੱਸਰ ਸਿਮਰਨਦੀਪ ਕੌਰ ਅਤੇ ਸਹਾਇਕ ਪ੍ਰੋਫੈੱਸਰ ਆਰਤੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਲੱਬ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਸੰਤੁਲਨ ਨੂੰ ਬਿਹਤਰ ਬਣਾਉਣ ਲਈ ਅਜਿਹੀਆਂ ਗਤੀਵਿਧੀਆਂ ਬੇਹੱਦ ਮਹੱਤਵਪੂਰਨ ਹਨ।