ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ
Publish Date: Thu, 26 Nov 2026 04:51 PM (IST)
Updated Date: Thu, 26 Nov 2026 04:52 PM (IST)
ਗੌਰਵ ਪੰਜਾਬੀ ਜਾਗਰਣ ਗੜਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ, ਬੌਧਿਕ ਯੋਗਤਾ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਕਲਾ, ਹੁਨਰ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਅਤੇ ਖੇਡ ਭਾਵਨਾ ਦੇਖਣ ਨੂੰ ਮਿਲੀ। ਖੇਡ ਮੁਕਾਬਲਿਆਂ ਵਿੱਚ 100 ਮੀਟਰ ਅਤੇ 200 ਮੀਟਰ ਦੌੜ, ਲੰਮੀ ਛਾਲ, ਡਿਸਕਸ ਥਰੋ, ਰਿਲੇਅ ਰੇਸ ਅਤੇ ਹੋਰ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਖੇਡਾਂ ਨੇ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਟੀਮ ਭਾਵਨਾ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ, ਕਾਲਜ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।