ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਪਿੰਡ ਮੀਰਾਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ
Publish Date: Sat, 21 Nov 2026 05:38 PM (IST)
Updated Date: Sat, 21 Nov 2026 05:40 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੀਰਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਕਮੇਟੀ, ਨੌਜਵਾਨ ਸਭਾ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਗ੍ਰੰਥੀ ਸਿੰਘ ਬਾਬਾ ਸ਼ਿੰਗਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚ ਬਹਾਦਰਪੁਰ ਦੇ ਜਸਕੀਰਤ ਸਿੰਘ ਨੇ ਪਹਿਲਾ, ਡੱਡੀਆਂ ਦੇ ਅੰਸ਼ਪ੍ਰੀਤ ਸਿੰਘ ਨੇ ਦੂਜਾ ਅਤੇ ਮੀਰਾਪੁਰ ਦੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 9 ਤੋਂ 15 ਸਾਲ ਵਰਗ ਦੇ ਦਸਤਾਰ ਮੁਕਾਬਲੇ ਵਿੱਚ ਪਟਿਆਲਾ ਦੇ ਜਸਮਨਦੀਪ ਸਿੰਘ ਨੇ ਪਹਿਲਾ, ਲੁਧਿਆਣਾ ਦੇ ਹਰਪ੍ਰੀਤ ਸਿੰਘ ਨੇ ਦੂਜਾ ਅਤੇ ਸਤਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 16 ਤੋਂ 25 ਸਾਲ ਵਰਗ ਵਿੱਚ ਅੰਮ੍ਰਿਤਸਰ ਦੇ ਗਗਨਪ੍ਰੀਤ ਸਿੰਘ ਨੇ ਪਹਿਲਾ, ਲੁਧਿਆਣਾ ਦੇ ਗੁਰਸਿਮਰਨ ਸਿੰਘ ਨੇ ਦੂਜਾ ਅਤੇ ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਅਣਖ, ਸਵੈਮਾਣ ਅਤੇ ਵਿਲੱਖਣ ਪਛਾਣ ਦਾ ਪ੍ਰਤੀਕ ਹੈ। ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਧਰਮ, ਵਿਰਸੇ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ।