ਕੰਪਿਊਟਰ ਅਧਿਆਪਕ 14 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
ਸਰਕਾਰੀ ਸਹੂਲਤਾਂ ਤੋਂ ਵਾਂਝੇ ਕੰਪਿਊਟਰ ਅਧਿਆਪਕ 14 ਫਰਵਰੀ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ
Publish Date: Wed, 11 Feb 2026 03:55 PM (IST)
Updated Date: Thu, 12 Feb 2026 04:00 AM (IST)

ਕਿਹਾ, ਸੇਵਾਵਾਂ ਰੈਗੂਲਰ ਹੋਣ ਦੇ ਬਾਵਜੂਦ ਵੀ ਬਣਦੇ ਸਾਰੇ ਲਾਭਾਂ ਤੋਂ ਰੱਖਿਆ ਜਾ ਰਿਹਾ ਵਾਂਝੇ ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 14 ਫਰਵਰੀ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਹ ਜਾਣਕਾਰੀ ਰਵਿੰਦਰ ਸਿੰਘ ਜਿਲ੍ਹਾ ਪ੍ਰਧਾਨ, ਸੂਬਾ ਮੀਤ ਪ੍ਰਧਾਨ ਅਨਿਲ ਐਰੀ, ਅਤੇ ਸੀਨੀਅ੍ਰ ਮੀਤ ਪ੍ਰਧਾਨ ਜਗਜੀਤ ਸਿੰਘ ਨੇ ਜਿਲ੍ਹੇ ਦੀ ਮੀਟਿੰਗ ਵਿੱਚ ਦਿੱਤੀ ਗਈ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਮੰਨਣ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਦੇ ਬਾਵਜੂਦ ਵੀ ਬਣਦੇ ਸਾਰੇ ਲਾਭਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਉਪਰੰਤ ਪਿਛਲੇ ਚਾਰ ਸਾਲਾਂ ਵਿੱਚ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਯੂਨੀਅਨ ਦੀਆਂ ਹੋ ਚੁੱਕੀਆਂ ਹਨ ਜਿਹਨਾਂ ਵਿੱਚ ਜੱਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਅਖ਼ਬਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਕਈ ਵਾਰ ਕੀਤਾ ਗਿਆ ਸੀ ਪ੍ਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਇਸ ਐਲਾਨ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜ਼ਿਕਰਯੋਗ ਹੈ ਮਾਨਯੋਗ ਹਾਈਕੋਰਟ ਪੰਜਾਬ ਨੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਮੁਲਾਜਮ ਮੰਨਦੇ ਹੋਏ ਇਹਨਾਂ ਤੇ ਪੰਜਾਬ ਦੇ ਸਿਵਲ ਸੇਵਾ ਨਿਯਮਾਂ ਨੂੰ ਲਾਗੂ ਕਰਨ ਲਈ ਕਿਹਾ ਗਿਆ ਸੀ ਪਰ ਪੰਜਾਬ ਸਰਕਾਰ, ਮਾਨਯੋਗ ਹਾਈਕੋਰਟ ਪੰਜਾਬ ਵਲੋਂ ਆਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਨੂੰ ਲਾਗੂ ਕਰਨ ਦੇ ਬਜਾਏ ਮਾਨਯੋਗ ਸੁਪਰੀਮ ਕੋਰਟ ਵਿਖੇ ਫੈਸਲੇ ਦੇ ਵਿਰੁੱਧ ਚਨੌਤੀ ਦਿੱਤੀ ਗਈ ਹੈ। ਜੱਥੇਬੰਦੀ ਵਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ। ਜੱਥੇਬੰਦੀ ਵਲੋਂ 14 ਫਰਵਰੀ ਨੂੰ ਸੰਗਰੂਰ ਵਿਖੇ ਹਰਪਾਲ ਸਿੰਘ ਚੀਮਾ –ਵਿੱਤ ਮੰਤਰੀ ਪੰਜਾਬ ਦੀ ਕੋਠੀ ਘਿਰਾਓ ਕੀਤਾ ਜਾਵੇਗਾ। ਜਿਸ ਦੀ ਪੂਰਨ ਰੂਪ ਵਿੱਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜੱਥੇਬੰਦੀ ਦੇ ਆਗੂਆ ਨੇ ਸਪੱਸ਼ਟ ਕੀਤਾ ਕਿ 14 ਫਰਵਰੀ 2026 ਦੀ ਰੈਲੀ ਦੌਰਾਨ ਸੂਬਾ ਕਮੇਟੀ, ਜਿਲ੍ਹਾਂ ਕਮੇਟੀਆਂ ਅਤੇ ਪੰਜਾਬ ਭਰ ‘ਚ ਕੰਪਿਊਟਰ ਅਧਿਆਪਕ ਸਾਮਿਲ ਹੋਣਗੇ। ਇਸ ਮੀਟਿੰਗ ਵਿੱਚ ਨਰਿੰਦਰਪਾਲ ਸਿੰਘ ਪ੍ਰੈਸ ਸਕੱਤਰ, ਸੰਦੀਪ ਸਿੰਘ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਤਜਿੰਦਰ ਸਿੰਘ, ਹਰਪ੍ਰੀਤ ਸਿੰਘ, ਮਨੋਜ ਰਾਣਾ, ਰਣਦੀਪ ਕੁਮਾਰ ਸ਼ਾਮਿਲ ਸਨ।