- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਦੀਆਂ ਨਾਕਾਮੀਆਂ ਕਾਰਨ ਕਾਨੂੰਨ ਵਿਵਸਥਾ ਡਗਮਗਾ ਚੁੱਕੀ : ਸੰਗਤ ਸਿੰਘ ਗਿਲਜੀਆਂ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਗੁਰਦਾਸਪੁਰ ਵਿਖੇ ਇਕ ਪੁਲਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਚ ਪੁਲਸ ਮੁਲਾਜ਼ਮ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਵਾਰਦਾਤ ਨੇ ਸੂਬੇ ਦੀ ਸੁਰੱਖਿਆ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਰ ਰੋਜ਼ ਕਤਲ, ਗੋਲੀਆਂ ਚਲਾਉਣ, ਲੁੱਟ-ਖੋਹ ਅਤੇ ਫਿਰੌਤੀਆਂ ਮੰਗਣ ਵਰਗੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਪਰਾਧਿਕ ਅਨਸਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸ ਕਾਰਨ ਸੂਬੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਹੁਣ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ।