ਕਾਂਗਰਸ ਪੰਜਾਬ ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ : ਐਡਵੋਕੇਟ ਜੋਸ਼ੀ ਕਾਂਗਰਸ ਪੰਜਾਬ ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ : ਐਡਵੋਕੇਟ ਰੋਹਿਤ ਜੋਸ਼ੀ
Publish Date: Wed, 11 Nov 2026 05:37 PM (IST)
Updated Date: Wed, 11 Nov 2026 05:39 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਹਲਕਾ ਹੁਸ਼ਿਆਰਪੁਰ ਚ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਵਰਕਰਾਂ ਨੂੰ ਲਾਮਬੰਦ ਕੀਤਾ। ਸੰਬੋਧਨ ਕਰਦਿਆਂ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੂਰੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਸ਼ਰੇਆਮ ਪੁਲਿਸ ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਚੋਰੀ, ਲੁੱਟ-ਖੋਹ ਅਤੇ ਕਤਲ ਵਰਗੀਆਂ ਵਾਰਦਾਤਾਂ ਨੇ ਆਮ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਰੋਹਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਅਤੇ ਕਾਂਗਰਸ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਲੋਕਾਂ ਵਿੱਚ ਉਤਸ਼ਾਹ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਵੀ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ਤੋਂ ਪ੍ਰੇਸ਼ਾਨ ਹਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਸਿੱਧੂ, ਹੰਸਰਾਜ ਸਤਿਆਲ, ਮੁਕੇਸ਼ ਕੁਮਾਰ, ਰਵੀ ਕੁਮਾਰ, ਸ਼ੀਤਲ ਕੁਮਾਰ, ਗੁਰਬਖ਼ਸ਼ ਰਾਮ, ਸੁਦੇਸ਼ ਕੁਮਾਰ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।