ਅਕਾਲੀ-ਭਾਜਪਾ ਦੇ ਗਠਜੋੜ ਨੂੰ ਜਨਤਾ ਸਵੀਕਾਰ ਨਹੀਂ ਕਰੇਗੀ : ਐਡ. ਜੋਸ਼ੀ ਅਕਾਲੀ-ਭਾਜਪਾ ਦੇ ਮੌਕਾਪ੍ਰਸਤ ਗਠਜੋੜ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ : ਐਡਵੋਕੇਟ ਰੋਹਿਤ ਜੋਸ਼ੀ
Publish Date: Sat, 28 Nov 2026 04:09 PM (IST)
Updated Date: Sat, 28 Nov 2026 04:10 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਅਕਾਲੀ-ਭਾਜਪਾ ਦਾ ਮੌਕਾਪ੍ਰਸਤ ਗਠਜੋੜ ਪੰਜਾਬ ਦੀ ਸੱਤਾ ਹਾਸਲ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ। ਇਹ ਵਿਚਾਰ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਪ੍ਰਗਟ ਕੀਤੇ। ਉਹ ਬੂਥ ਪੱਧਰ ’ਤੇ ਕਰਵਾਈ ਗਈ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਪਾਰਟੀ ਹੀ ਗੰਭੀਰਤਾ ਨਾਲ ਕੰਮ ਕਰ ਸਕਦੀ ਹੈ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਇਹ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਪੰਜਾਬ ਵਿੱਚ ਉਨ੍ਹਾਂ ਦਾ ਸਿਆਸੀ ਆਧਾਰ ਕਮਜ਼ੋਰ ਹੋ ਚੁੱਕਾ ਹੈ। ਅਜਿਹੇ ਵਿੱਚ ਗਠਜੋੜ ਕਰਕੇ ਉਹ ਆਪਣੀ ਸਿਆਸੀ ਕਿਸਮਤ ਅਜ਼ਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਸ ਵਾਰ ਵੀ ਪੰਜਾਬ ਦੀ ਜਨਤਾ ਉਨ੍ਹਾਂ ਦੇ ਬਹਿਕਾਵੇ ਵਿੱਚ ਨਹੀਂ ਆਵੇਗੀ। ਉਨ੍ਹਾਂ ਭਾਜਪਾ ਤੋਂ ਕਿਸਾਨਾਂ ਦੇ ਮੁੱਦਿਆਂ ’ਤੇ ਵੀ ਸਪੱਸ਼ਟ ਰੁਖ਼ ਰੱਖਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਵਿੱਚ ਕਾਮਯਾਬ ਨਹੀਂ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਸੁਰਿੰਦਰ ਸਿੱਧੂ, ਕੁੱਕੂ ਚੰਦਨ, ਸੁਖਬੀਰ ਸਿੰਘ, ਗੁਰਮੀਤ ਸਿੰਘ ਵੱਡੀ ਗਿਣਤੀ ਵਿਚ ਆਮ ਲੋਕ ਵੀ ਹਾਜ਼ਰ ਸਨ।