ਕਾਂਗਰਸ ਸਰਕਾਰ ਬਣਨ ’ਤੇ ‘ਆਪ’ ਘਪਲਿਆਂ ਬਾਰੇ ਜਾਰੀ ਕੀਤਾ ਜਾਵੇਗਾ ਵਾਈਟ ਪੇਪਰ : ਪ੍ਰਗਟ ਸਿੰਘ ਕਾਂਗਰਸ ਸਰਕਾਰ ਬਣਨ ’ਤੇ ‘ਆਪ’ ਘਪਲਿਆਂ ਬਾਰੇ ਜਾਰੀ ਕੀਤਾ ਜਾਵੇਗਾ ਵਾਈਟ ਪੇਪਰ : ਪ੍ਰਗਟ ਸਿੰਘ
Publish Date: Mon, 16 Nov 2026 05:01 PM (IST)
Updated Date: Mon, 16 Nov 2026 05:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਉਣ ’ਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਕਥਿਤ ਘਪਲਿਆਂ ਅਤੇ ਬੇਨਿਯਮੀਆਂ ਸਬੰਧੀ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਹ ਗੱਲ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਘਪਲੇ ਹੋਏ ਹਨ ਅਤੇ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸੱਚਾਈ ਲਿਆਂਦੀ ਜਾਵੇਗੀ। ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੂਬੇ ਦੇ ਸਮਾਜਿਕ ਅਤੇ ਭਾਈਚਾਰਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਤੱਕ ਦੇ ਇਤਿਹਾਸ ਵਿੱਚ ਪੰਜਾਬ ਦੀ ਦੋ ਵਾਰ ਵੰਡ ਹੋਈ ਹੈ, ਪਰ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਭਾਈਚਾਰਿਆਂ ਵਿੱਚ ਵੰਡੀਆਂ ਪਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਨੂੰ ਕਾਂਗਰਸ ਹੀ ਹਰਾਉਂਦੀ ਹੈ ਵਾਲੀ ਪੁਰਾਣੀ ਧਾਰਨਾ ਵੀ ਖਤਮ ਹੋ ਜਾਵੇਗੀ। ਪਾਰਟੀ ਵਿੱਚ ਆਪਸੀ ਤਾਲਮੇਲ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਾਰਟੀ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇ। ਉਮੀਦਵਾਰਾਂ ਦੀ ਚੋਣ ਬਾਰੇ ਗੱਲ ਕਰਦਿਆਂ ਪ੍ਰਗਟ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਹਲਕਿਆਂ ਵਿੱਚ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਸਰਵੇ ਦਾ ਮੁੱਖ ਮਕਸਦ ਅਜਿਹੇ ਉਮੀਦਵਾਰਾਂ ਦੀ ਚੋਣ ਕਰਨਾ ਹੈ, ਜਿਨ੍ਹਾਂ ਦਾ ਲੋਕਾਂ ਵਿੱਚ ਚੰਗਾ ਅਕਸ ਹੋਵੇ ਅਤੇ ਜਿਨ੍ਹਾਂ ਦੀ ਸਾਫ਼-ਸੁਥਰੀ ਛਵੀ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵੱਲੋਂ ਸਾਫ਼ ਅਕਸ ਅਤੇ ਲੋਕਾਂ ਵਿੱਚ ਚੰਗੀ ਪਕੜ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨ ਨੂੰ ਤਰਜੀਹ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਗਟ ਸਿੰਘ ਅੱਜ ਹੁਸ਼ਿਆਰਪੁਰ ਵਿਖੇ ਸੱਤ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਕਾਂਗਰਸੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਚੋਣ ਰਣਨੀਤੀ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਦਲਜੀਤ ਸਿੰਘ ਗਿਲਜੀਆਂ ਜਿਲ੍ਹਾ ਪ੍ਰਧਾਨ, ਸੁੰਦਰ ਸ਼ਾਮ ਅਰੋੜਾਸਾਬਕਾ ਮੰਤਰੀ, ਪਵਨ ਆਦੀਆ, ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ, ਐਡਵੋਕੇਟ, ਰੋਹਿਤ ਜੋ਼ਸ਼ੀ, ਲਵ ਕੁਮਾਰ ਗੋਲਡੀ, ਪੰਕਜ ਕ੍ਰਿਪਾਲ, ਅਰੁਣ ਡੋਗਰਾ ਸਾਬਕਾ ਵਿਧਾਇਕ , ਸੁਖਵਿੰਦਰ ਕੋਟਲੀ, ਹਰਦੇਵ ਸਿੰਘ, ਐੜਵੋਕੇਟ ਰਣਜੀਤ ਕੁਮਾਰ, ਮੰਟੂ ਲਾਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵੀ ਹਾਜ਼ਰ ਸਨ।