ਦਿੱਲੀ ਦੇ ਧਾੜਵੀਆਂ ਦੀ ਲੁੱਟ ਤੇ ਭਗਵੰਤ ਮਾਨ ਬਣਿਆ ਮੂਕ ਦਰਸ਼ਕ : ਪ੍ਰਗਟ ਸਿੰਘ ਦਿੱਲੀ ਦੇ ਧਾੜਵੀਆਂ ਦੀ ਲੁੱਟ ਤੇ ਭਗਵੰਤ ਮਾਨ ਬਣਿਆ ਮੂਕ ਦਰਸ਼ਕ : ਪ੍ਰਗਟ ਸਿੰਘ
Publish Date: Mon, 16 Nov 2026 06:45 PM (IST)
Updated Date: Mon, 16 Nov 2026 06:48 PM (IST)
ਹੁਸ਼ਿਆਰਪੁਰ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨੇ ਵਰਕਰ ਨੂੰ ਕੀਤਾ ਸੰਬੋਧਨ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਵਿਧਾਨ ਸਭਾਵਾਂ ਦੀ ਮੀਟਿੰਗ ਮੌਕੇ ਵਿਸ਼ੇਸ਼ ਤੌਰ ਤੇ ਹੁਸ਼ਿਆਰਪੁਰ ਪਹੁੰਚੇ ਸਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਪਹਿਲਾਂ ਕਾਂਗਰਸੀ ਵਰਕਰਾਂ ਨਾਲ ਮਿਲਣੀ ਕਰਕੇ ਉਨ੍ਹਾਂ ਨੂੰ ਸੰਬੋਧਨ ਵਰਕਰ ਨੂੰ ਹਰ ਪਿੰਡ ਤੋਂ ਲੈ ਕੇ ਬੂਥ ਪੱਧਰ ਤੱਕ ਡਟ ਜਾਣ ਦਾ ਸੁਨੇਹਾ ਦਿੱਤਾ। ਸੰਬੋਧਨ ਕਰਦਿਆਂ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੀ ਆਰਥਿਕਤਾ ਨੂੰ ਦਿੱਲੀ ਤੋਂ ਆਏ ਧਾੜਵੀਆਂ ਵੱਲੋਂ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣ ਕੇ ਸਭ ਕੁੱਝ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਦੇ ਹਿੱਤਾਂ ਅਤੇ ਆਰਥਿਕ ਸਰੋਤਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਆਸੀ ਭੂਮਿਕਾ ਤੇ ਸਵਾਲ ਚੁੱਕਦਿਆਂ ਕਿਹਾ ਕਿ ਭਗਵੰਤ ਮਾਨ ਇੱਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਡਰਦੇ ਹਨ, ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪ੍ਰਭਾਵ ਹੇਠ ਵੀ ਕੰਮ ਕਰ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਦਿੱਲੀ ਦੀ ਲੀਡਰਸ਼ਿਪ ਦੇ ਦਖ਼ਲ ਅਤੇ ਸੂਬੇ ਦੀ ਖੁਦਮੁਖਤਿਆਰੀ ਦੇ ਮੁੱਦੇ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ। ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਪ੍ਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਜਲਦ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਸਮੇਂ ਸਾਫ਼-ਸੁਥਰੇ ਅਕਸ ਅਤੇ ਚੰਗੇ ਕਿਰਦਾਰ ਵਾਲੇ ਆਗੂਆਂ ਨੂੰ ਪਹਿਲ ਦਿੱਤੀ ਜਾਵੇਗੀ। ਪਾਰਟੀ ਦਾ ਮਕਸਦ ਅਜਿਹੇ ਉਮੀਦਵਾਰ ਮੈਦਾਨ ਵਿੱਚ ਉਤਾਰਨਾ ਹੋਵੇਗਾ, ਜਿਨ੍ਹਾਂ ਦੀ ਲੋਕਾਂ ਵਿੱਚ ਚੰਗੀ ਪਛਾਣ ਹੋਵੇ ਅਤੇ ਜੋ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰ ਸਕਣ। ਉਨ੍ਹਾਂ ਖ਼ਾਸ ਤੌਰ ਤੇ ਨੌਜਵਾਨ ਵਰਗ ਦੀ ਭੂਮਿਕਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਵੱਲੋਂ ਯੂਥ ਨੂੰ ਸਿਆਸੀ ਗਤੀਵਿਧੀਆਂ ਵਿੱਚ ਮੋਹਰੀ ਬਣਾਇਆ ਜਾਵੇਗਾ। ਨੌਜਵਾਨਾਂ ਨੂੰ ਪਾਰਟੀ ਵਿੱਚ ਵਧੇਰੇ ਮੌਕੇ ਦੇਣ ਅਤੇ ਉਨ੍ਹਾਂ ਦੀ ਊਰਜਾ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਵਰਤਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ। ਪ੍ਰਗਟ ਸਿੰਘ ਦਾ ਹੁਸ਼ਿਆਰਪੁਰ ਦੌਰਾ ਕਾਂਗਰਸ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਵਰਕਰ ਮਿਲਣੀ ਰਾਹੀਂ ਉਨ੍ਹਾਂ ਨੇ ਜਿੱਥੇ ਪਾਰਟੀ ਵਰਕਰਾਂ ਨਾਲ ਸਿੱਧਾ ਸੰਪਰਕ ਬਣਾਇਆ, ਉੱਥੇ ਹੀ ਮੀਡੀਆ ਰਾਹੀਂ ਸੂਬੇ ਦੀ ਸੱਤਾਧਾਰੀ ਸਰਕਾਰ ਨੂੰ ਘੇਰਦਿਆਂ ਕਾਂਗਰਸ ਦੀ ਭਵਿੱਖੀ ਚੋਣ ਰਣਨੀਤੀ ਦੇ ਸੰਕੇਤ ਵੀ ਦਿੱਤੇ। ਨੌਕਰਸ਼ਾਹੀ ਦੇ ਹਰ ਵਿਰੋਧ ਦਾ ਡਟ ਕੇ ਸਾਹਮਣਾ ਕਰਨ ਦਾ ਹੋਕਾ ਪ੍ਰਗਟ ਸਿੰਘ ਵੱਲੋਂ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨੌਕਰਸ਼ਾਹੀ ਦੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਦਾ ਡਟ ਕੇ ਸਾਹਮਣਾ ਕਰਨ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਰਕਰ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਅਤੇ ਕਿਸੇ ਵੀ ਅਧਿਕਾਰੀ ਦੇ ਦਬਾਅ ਅੱਗੇ ਝੁਕਣ ਦੀ ਬਜਾਏ ਆਪਣੇ ਹੱਕਾਂ ਲਈ ਡਟੇ ਰਹਿਣ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਕ ਮਸਲਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਇਕਜੁੱਟਤਾ ਹੀ ਪਾਰਟੀ ਦੀ ਅਸਲ ਤਾਕਤ ਹੈ। ਇਸ ਮੌਕੇ ਦਲਜੀਤ ਸਿੰਘ ਗਿਲਜੀਆਂ ਜਿਲ੍ਹਾ ਪ੍ਰਧਾਨ, ਐਡਵੋਕੇਟ, ਰੋਹਿਤ ਜੋ਼ਸ਼ੀ, ਸੁੰਦਰ ਸ਼ਾਮ ਅਰੋੜਾ ਸਾਬਕਾ ਮੰਤਰੀ, ਪਵਨ ਆਦੀਆ, ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ, ਐਡਵੋਕੇਟ, ਰੋਹਿਤ ਜੋ਼ਸ਼ੀ, ਲਵ ਕੁਮਾਰ ਗੋਲਡੀ, ਪੰਕਜ ਕ੍ਰਿਪਾਲ, ਅਰੁਣ ਡੋਗਰਾ ਸਾਬਕਾ ਵਿਧਾਇਕ , ਸੁਖਵਿੰਦਰ ਕੋਟਲੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਐਡਵੋਕੇਟ ਰਣਜੀਤ ਕੁਮਾਰ, ਅਮਰਪ੍ਰੀਤ ਮੰਟੂ ਲਾਲੀ, ਸੁਰਿੰਦਰ ਸਿੰਘ ਸਿੱਧੂ, ਕੂੱਕੂ ਚੰਦਨ, ਵਨੀਤਾ ਸ਼ਰਮਾ, ਹੰਸ ਰਾਜ ਸਤਿਆਲ, ਸੁਦੇਸ਼ ਸ਼ੇਰਗੜ੍ਹ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਸਰਪੰਚ ਪੰਚ ਅਤੇ ਵਰਕਰ ਵੀ ਹਾਜ਼ਰ ਸਨ।