ਸੰਗਰੂਰ ਰੈਲੀ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ : ਗਿਲਜੀਆਂ
ਸੰਗਰੂਰ ਦੀ ਕਾਂਗਰਸ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ : ਦਲਜੀਤ ਸਿੰਘ ਗਿਲਜੀਆਂ
Publish Date: Wed, 04 Nov 2026 03:20 PM (IST)
Updated Date: Wed, 04 Nov 2026 03:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਅਹਿਮ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਰੈਲੀ ਰਾਹੀਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰ ਅਤੇ ਲੋਕ ਇਕਜੁੱਟ ਹੋ ਕੇ ਸਾਥ ਦੇਣਗੇ।