- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਾਂਪੁਰਖਾਂ ਦੀਆਂ ਮੂਰਤੀਆਂ ਨਾਲ ਛੇੜਛਾੜ ਬਰਦਾਸ਼ਤ ਨਹੀਂ : ਤਰਸੇਮ ਮਿਨਹਾਸ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੂੰ ਲੈ ਕੇ ਕਾਂਗਰਸ ਨੇ ਸਖ਼ਤ ਰੁਖ਼ ਅਪਣਾਇਆ ਹੈ। ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਤਰਸੇਮ ਮਿਨਹਾਸ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਤਰਸੇਮ ਮਿਨਹਾਸ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਦੇ ਸੰਵਿਧਾਨ ਨਿਰਮਾਤਾ ਹਨ ਅਤੇ ਉਨ੍ਹਾਂ ਦੀ ਮੂਰਤੀ ਨਾਲ ਛੇੜਛਾੜ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ। ਪ੍ਰਸ਼ਾਸਨ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਉਣਾ ਚਾਹੀਦਾ ਹੈ। ਤਰਸੇਮ ਮਿਨਹਾਸ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ-ਵਿਵਸਥਾ ਡਾਂਵਾਡੋਲ ਹੈ ਤੇ ਇਸ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਪੂਰੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ।