ਸੁਖਵਿੰਦਰ ਸਰਮਾਲ/ਸੁਰਿੰਦਰ ਿਢੱਲੋਂ, ਹੁਸ਼ਿਆਰਪੁਰ/ਟਾਂਡਾ ਉੜਮੁੜ : ਹਲਕਾ ਉੜਮੁੜ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਪਿੰਡ ਨੰਗਲੀ ਜਲਾਲਪੁਰ 'ਚ 3 ਹੋਰ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਪਿੰਡ ਨੰਗਲੀ ਜਲਾਲਪੁਰ 'ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 29 ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ 134 ਹੋ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਨੰਗਲੀ ਜਲਾਲਪੁਰ ਦਾ ਨੇੜਲਾ 4 ਕਿੱਲੋਮੀਟਰ ਦਾ ਏਰੀਆ ਟਾਂਡਾ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐੱਸਐੱਮਓ ਟਾਂਡਾ ਡਾ. ਕੇਆਰ ਬਾਲੀ ਨੇ ਦੱਸਿਆ ਕਿ ਪਿੰਡ ਨੰਗਲੀ ਜਲਾਲਪੁਰ ਦੇ ਮਿ੍ਤਕ ਲਖਵਿੰਦਰ ਸਿੰਘ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਹੋਈ ਮੌਤ ਤੋਂ ਬਾਅਦ ਮਿ੍ਤਕ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਡਾ. ਬਾਲੀ ਨੇ ਦੱਸਿਆ ਕਿ ਬੁੱਧਵਾਰ ਹੋਰ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤਕ 167 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 29 ਲੋਕ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਪਿੰਡ ਨੰਗਲ ਜਲਾਲਪੁਰ ਦਾ ਇਲਾਕਾ ਡੇਂਜਰ ਜ਼ੋਨ ਐਲਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ 4 ਕਿੱਲੋਮੀਟਰ ਤਕ ਦਾ ਏਰੀਆ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਡਾ. ਬਾਲੀ ਨੇ ਦੱਸਿਆ ਕਿ ਬੁੱਧਵਾਰ ਨੂੰ ਨੰਗਲੀ ਜਲਾਲਪੁਰ ਦੇ 49 ਹੋਰ ਲੋਕਾਂ ਦੇ ਸੈਂਪਲ ਲੈ ਕੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤੇ ਗਏ ਹਨ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸੀਲ ਕੀਤੇ ਇਲਾਕੇ ਵਾਲੇ ਪਿੰਡ ਜਲਾਲਪੁਰ, ਸਲੇਮਪੁਰ, ਭੂਲਪਰ, ਰੜਾ, ਬਸਤੀ ਬੋਹੜਾ, ਗੁਰਾਲਾ, ਪਿੱਡੀ ਖੈਰ, ਘੋੜੇਸ਼ਾਹ ਅਵਾਨ, ਜਲਾਲ ਨੰਗਲੀ ਆਦਿ ਪਿੰਡਾਂ ਦੀ ਸਕਰੀਨਿੰਗ ਕਰਨ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਪਛਾਣ ਕਰਕੇ ਸੈਂਪਲ ਇਕੱਤਰ ਕੀਤੇ ਜਾਣਗੇ।

-108 ਵਿਅਕਤੀਆਂ ਨੇ ਕੋਰੋਨਾ 'ਤੇ ਪਾਈ ਫ਼ਤਹਿ

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ ਲਏ ਗਏ ਸੈਂਪਲਾਂ 'ਚੋਂ 2438 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 108 ਵਿਅਕਤੀਆਂ ਨੇ ਕੋਰੋਨਾ ਖ਼ਿਲਾਫ਼ ਫ਼ਤਹਿ ਪਾ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫ਼ਤਹਿ' ਤਹਿਤ ਜਿੱਥੇ ਕੁਆਰੰਟਾਈਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਲਾਗ ਰਾਹੀਂ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ, ਸੈਨੀਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕਿੰਡ ਤਕ ਹੱਥ ਧੋਣੇ ਯਕੀਨੀ ਬਣਾਏ ਜਾਣ।

-3022 'ਚੋਂ 2438 ਸੈਂਪਲਾਂ ਨੈਗੇਟਿਵ : ਸਿਵਲ ਸਰਜਨ

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤਕ 3022 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 2438 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 423 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਤਿੰਨ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਤਿੰਨੇ ਕੇਸ ਪਿੰਡ ਨੰਗਲੀ ਦੇ ਹਨ। ਉਨ੍ਹਾਂ ਕਿਹਾ ਕਿ ਬੁੱਧਵਾਰ ਜ਼ਿਲ੍ਹੇ 'ਚੋਂ 210 ਵਿਅਕਤੀਆਂ ਦੇ ਨਵੇਂ ਸੈਂਪਲ ਵੀ ਲਏ ਗਏ ਹਨ। ਹੁਣ ਤਕ 134 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 108 ਠੀਕ ਹੋ ਚੁੱਕੇ ਹਨ ਅਤੇ 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਮੌਜੂਦਾ ਤੌਰ 'ਤੇ 21 ਐਕਟਿਵ ਕੇਸ ਹਨ।