ਅਗਵਾ ਸੰਦੀਪ ਦੀ 9 ਦਿਨਾਂ ਬਾਅਦ ਤਲਵਾੜਾ ਨੇੜਿਓਂ ਮਿਲੀ ਲਾਸ਼ ਅਗਵਾ ਨੌਜਵਾਨ ਸੰਦੀਪ ਦੀ 09 ਦਿਨ ਬਾਅਦ ਤਲਵਾੜਾ ਨੇੜਿਓਂ ਲਾਸ਼ ਬਰਾਮਦ,
Publish Date: Fri, 11 Sep 2026 08:56 PM (IST)
Updated Date: Fri, 11 Sep 2026 08:58 PM (IST)
ਪੁਲਿਸ ਵੱਲੋਂ ਮੁੱਖ ਦੋਸ਼ੀ ਸੁੱਖਾ ਸਮੇਤ ਤਿੰਨ ਗ੍ਰਿਫ਼ਤਾਰ 3 ਸਤੰਬਰ ਨੂੰ ਹੁਸ਼ਿਆਰਪੁਰ ਦੇ ਨਲੋਈਆਂ ਚੌਕ ਤੋਂ ਅਗਵਾ ਕੀਤਾ ਗਿਆ ਸੀ ਨੌਜਵਾਨ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਬੀਤੀ 3 ਸਤੰਬਰ ਨੂੰ ਹੁਸ਼ਿਆਰਪੁਰ ਦੇ ਨਲੋਈਆਂ ਚੌਕ ਤੋਂ ਅਗਵਾ ਕੀਤੇ ਗਏ ਨੌਜਵਾਨ ਸੰਦੀਪ ਦੀ ਲਾਸ਼ ਤਲਵਾੜਾ ਨੇੜੇ ਇਕ ਪਹਾੜੀ ਤੋਂ ਮਿਲੀ ਹੈ। ਪੁਲਿਸ ਨੇ ਇਸ ਅਗਵਾ ਤੇ ਕਤਲ ਕਾਂਡ ਵਿਚ ਸ਼ਾਮਲ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐੱਸਐੱਚਓ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ 3 ਸਤੰਬਰ ਨੂੰ ਪੁਲਿਸ ਕੋਲ ਸੰਦੀਪ ਨਾਂ ਦੇ ਨੌਜਵਾਨ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਅਗਵਾਕਾਰਾਂ ਤੇ ਸੰਦੀਪ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕਰ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਸੀ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਸੁੱਖਾ ਨਾਮਕ ਵਿਅਕਤੀ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਨਲੋਈਆਂ ਚੌਕ ਤੋਂ ਸੰਦੀਪ ਨੂੰ ਅਗਵਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਲਵਾੜਾ ਨੇੜੇ ਸੰਸਾਰਪੁਰ ਪਿੰਡ ਦੇ ਬਾਹਰਵਾਰ ਪਹਾੜੀ ’ਤੇ ਸੰਦੀਪ ਦਾ ਗਲ਼ਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਉੱਥੇ ਹੀ ਸੁੱਟ ਕੇ ਫ਼ਰਾਰ ਹੋ ਗਏ। ਐੇੱਸਐੱਚਓ ਨੇ ਦੱਸਿਆ ਕਿ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਸੁੱਖਾ ਸਮੇਤ ਤਿੰਨਾਂ ਲੋਕਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹੀ ਮ੍ਰਿਤਕ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਵਾਰਦਾਤ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।