ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹਮਲਾ ਬੇਗਮਪੁਰਾ ਮੁਹੱਲੇ 'ਚ ਕਿਰਾਏ ਦੇ ਮਕਾਨ 'ਚ ਰਹਿ ਰਹੀ ਔਰਤ 'ਤੇ ਹਮਲਾ
Publish Date: Fri, 27 Nov 2026 06:05 PM (IST)
Updated Date: Fri, 27 Nov 2026 06:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿ4ਆਰਪੁਰ : ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਸ਼ਹਿਰ ਵਿੱਚ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇੱਕ ਮਾਮਲਾ ਸਥਾਨਕ ਬੇਗਮਪੁਰਾ ਮੁਹੱਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਇੱਕ ਔਰਤ ਤੇ ਹੋਏ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ, ਤਮੰਨਾ ਨਾਮ ਦੀ ਇੱਕ ਔਰਤ ਆਪਣੇ ਪਹਿਲੇ ਪਤੀ ਨੂੰ ਛੱਡ ਕੇ ਕਿਸੇ ਹੋਰ ਵਿਅਕਤੀ ਨਾਲ ਬੇਗਮਪੁਰਾ ਮੁਹੱਲੇ ਵਿੱਚ ਕਿਰਾਏ ’ਤੇ ਰਹਿ ਰਹੀ ਸੀ। ਦੁਪਹਿਰ ਸਮੇਂ ਉਸ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ’ਚ ਸਹਿਮ ਦਾ ਮਾਹੌਲ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਹਮਲੇ ਦੌਰਾਨ ਇੱਥੇ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਮੁਹੱਲਾ ਵਾਸੀਆਂ ਵੱਲੋਂ ਲਗਾਏ ਜਾ ਰਹੇ ਫਾਇਰਿੰਗ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਫਾਇਰਿੰਗ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਕੀ ਕਹਿੰਦੇ ਹਨ ਥਾਣਾ ਮੁਖੀ ਥਾਣਾ ਫ਼ੋਕਲ ਪੁਆਇੰਟ ਦੇ ਮੁਖੀ ਰਾਜੇਸ਼ ਕੁਮਾਰ ਨੇ ਮਕਾਨ ਮਾਲਕ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮਕਾਨ ਮਾਲਕ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਕਿਰਾਏਦਾਰਾਂ ਨੂੰ ਘਰ ਵਿੱਚ ਰੱਖਣ ਤੋਂ ਪਹਿਲਾਂ ਉਨ੍ਹਾਂ ਦਾ ਆਧਾਰ ਕਾਰਡ ਕਿਉਂ ਨਹੀਂ ਲਿਆ ਤੇ ਪੁਲਿਸ ਵੈਰੀਫਿਕੇਸ਼ਨ ਕਿਉਂ ਨਹੀਂ ਕਰਵਾਈ? ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਔਰਤ ਅਤੇ ਉਸ ਦੇ ਨਾਲ ਰਹਿਣ ਵਾਲਾ ਵਿਅਕਤੀ ਅਸਲ ’ਚ ਕਿੱਥੋਂ ਦੇ ਰਹਿਣ ਵਾਲੇ ਹਨ ਤੇ ਕੀ ਕੰਮ-ਕਾਰ ਕਰਦੇ ਹਨ।