ਲੈਣ-ਦੇਣ ਨੂੰ ਲੈ ਕੇ ਘਰ ’ਤੇ ਚਲਾਈਆਂ ਗੋਲ਼ੀਆਂ, ਮਾਮਲਾ ਦਰਜ ਲੈਣ-ਦੇਣ ਨੂੰ ਲੈ ਕੇ ਘਰ ’ਤੇ ਚਲਾਈਆਂ ਗੋਲੀਆਂ
Publish Date: Sun, 27 Sep 2026 06:31 PM (IST)
Updated Date: Mon, 28 Sep 2026 04:06 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਹਰਮੋਇਆ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੀਤੀ ਸ਼ਾਮ ਇੱਕ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਨੇ ਪਹਿਲਾਂ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਅਤੇ ਬਾਅਦ ਵਿੱਚ ਪਿਸਤੌਲ ਨਾਲ ਕਰੀਬ ਪੰਜ ਰਾਊਂਡ ਫਾਇਰ ਕੀਤੇ। ਘਟਨਾ ਵਿੱਚ ਇੱਕ ਮਹਿਲਾ ਅਤੇ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੀੜਤਾ ਜਤੂਨ ਪਤਨੀ ਮਸੂਮ ਵਾਸੀ ਹਰਮੋਇਆ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਉਸ ਦਾ ਦਿਓਰ ਦਲਮੀਰ ਆਪਣੀ ਭੈਣ ਸਰੀਫਾ ਨੂੰ ਮੋਟਰਸਾਈਕਲ ‘ਤੇ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਪਿੰਡ ਦੇ ਗੁਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨੇ ਉਨ੍ਹਾਂ ਦਾ ਤੌਰ ‘ਤੇ ਰਸਤਾ ਰੋਕ ਕੇ ਦਲਮੀਰ ਦੀਆਂ ਅੱਖਾਂ ਵਿੱਚ ਸਪਰੇਅ ਛਿੜਕ ਦਿੱਤੀ, ਜਿਸ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗ ਪਿਆ। ਜਤੂਨ ਨੇ ਦੱਸਿਆ ਕਿ ਰੌਲਾ ਸੁਣ ਕੇ ਜਦੋਂ ਉਹ ਮੌਕੇ ‘ਤੇ ਪਹੁੰਚੀ ਅਤੇ ਦਲਮੀਰ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਇੱਟ-ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇੱਕ ਰੋੜਾ ਉਸ ਦੇ ਸਿਰ ਵਿੱਚ ਲੱਗਾ, ਜਦਕਿ ਦਲਮੀਰ ਨੂੰ ਵੀ ਸੱਟਾਂ ਵੱਜੀਆਂ। ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਗੁਰਦੀਪ ਸਿੰਘ ਨੇ ਆਪਣੇ ਪਿਸਤੌਲ ਨਾਲ ਕਰੀਬ ਪੰਜ ਰਾਊਂਡ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਗੋਲੀਆਂ ਚੱਲਣ ਨਾਲ ਪਰਿਵਾਰ ਦੇ ਮੈਂਬਰ ਡਰ ਦੇ ਮਾਰੇ ਘਰ ਅੰਦਰ ਭੱਜ ਗਏ, ਜਦਕਿ ਉਨ੍ਹਾਂ ਦੇ ਘਰ ਦੇ ਗੇਟ ਵਿਚ ਲੱਗੀਆਂ ਗੋਲੀਆਂ ਦੇ ਨਿਸ਼ਾਨ ਵੀ ਹਨ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਗੋਲੀਆਂ ਚੱਲਣ ਵਰਗੀ ਗੰਭੀਰ ਘਟਨਾ ਦੇ ਬਾਵਜੂਦ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੀ ਧਾਰਾ 307 ਸ਼ਾਮਲ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਖ਼ਿਲਾਫ਼ 307 ਸਮੇਤ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ। ਥਾਣਾ ਮੇਹਟੀਆਣਾ ਦੀ ਪੁਲਿਸ ਨੇ ਗੁਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹਰਮੋਇਆ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।