ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਸਿਹਤ ਵਿਭਾਗ ਵੱਲੋਂ ਪਿੰਡ ਬਿਛੋਹੀ ਦੇ ਘਰਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤੇ ਇਸ ਦੌਰੇ ਦੌਰਾਨ ਜਿਥੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਕਲੋਰੀਨ ਦੀਆਂ ਗੋਲੀਆਂ ਅਤੇ ਓਆਰਐੱਸ ਦੇ ਪੈਕੇਟ ਵੀ ਸੌਂਪੇ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਲਗਾਕੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਮੁਹੱਈਆ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ 'ਚ ਸ਼ੱਕੀ ਹੈਜ਼ੇ ਦੇ ਮਰੀਜ਼ ਸਾਹਮਣੇ ਆਉਣ 'ਤੇ ਸਿਹਤ ਵਿਭਾਗ ਦੀਆਂ 4 ਟੀਮਾਂ ਵਲੋਂ ਘਰਾਂ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਲੋਂ ਘਰਾਂ 'ਚ ਜਾ ਕੇ 5100 ਕਲੋਰੀਨ ਦੀਆਂ ਗੋਲੀਆਂ ਅਤੇ 260 ਓਆਰਐੱਸ ਪੈਕੇਟ ਵੰਡੇ ਗਏ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਿੰਡ ਵਾਸੀ ਪਾਣੀ ਉਬਾਲ ਕੇ ਹੀ ਪੀਣ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕਲੋਰੀਨ ਯੁਕਤ ਸ਼ੁੱਧ ਪਾਣੀ 4 ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ 'ਚ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ ਅਤੇ ਇਸ ਕੈਂਪ 'ਚ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਮਰੀਜ਼ਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਸਿਹਤ ਵਿਭਾਗ ਵਲੋਂ ਡਾ. ਸੈਲੇਸ਼ ਨੇ ਦੱਸਿਆ ਕਿ ਪਿੰਡ 'ਚ ਸ਼ੱਕੀ ਹੈਜ਼ਾ ਮਰੀਜ਼ਾਂ ਦੇ 123 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 4 ਪੋਜ਼ੀਟਿਵ ਪਾਏ ਗਏ ਹਨ ਤੇ 2 ਡਿਸੈਂਟਰੀ ਪੋਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ 'ਚ ਪਾਣੀ ਦੇ 10 ਸੈਂਪਲ ਭਰੇ ਗਏ ਹਨ ਅਤੇ 10 ਮਰੀਜ਼ਾਂ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ ।