ਪੁੱਲ ਹੇਠੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪਿੰਡ ਬਸੀ ਨਾਉ ਦੇ ਪੁੱਲ ਹੇਠੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼, ਇਲਾਕੇ ਵਿੱਚ ਫੈਲੀ ਸਨਸਨੀ
Publish Date: Sat, 28 Nov 2026 03:53 PM (IST)
Updated Date: Sat, 28 Nov 2026 03:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ : ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਬਸੀ ਨਾਉ ਵਿਖੇ ਪੁੱਲ ਹੇਠੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਨਾਉ ਦੇ ਪੁੱਲ ਹੇਠਾਂ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਇਸ ਸਬੰਧੀ ਜਦੋਂ ਥਾਣਾ ਹਰਿਆਣਾ ਦੀ ਪੁਲਿਸ ਨੂੰ ਸੂਚਨਾ ਮਿਲੀ ਤਾਂ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚੀ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪ੍ਰਵਾਸੀ ਮਜ਼ਦੂਰ ਦੱਸਿਆ ਜਾ ਰਿਹਾ ਹੈ, ਪਰ ਅਜੇ ਤੱਕ ਉਸ ਦੀ ਪਛਾਣ ਸਬੰਧੀ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਲਾਸ਼ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪਛਾਣ ਦੀ ਪ੍ਰਕਿਰਿਆ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਹੋਣ ਤੋਂ ਬਾਅਦ ਹੀ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਸਕੇਗਾ ਅਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।