- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਵੈਤ ’ਚ ਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦੇ ਅਸ਼ੋਕ ਕੁਮਾਰ ਦੀ ਮੌਤ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪਿੰਡ ਤਲਵੰਡੀ ਕਲਾਂ ਦੇ ਵਸਨੀਕ ਅਸ਼ੋਕ ਕੁਮਾਰ ਮਨਹਾਸ (51) ਦੀ ਕੁਵੈਤ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕਰੀਬ 8 ਸਾਲਾਂ ਤੋਂ ਕੁਵੈਤ ਵਿੱਚ ਰਹਿ ਕੇ ਇੱਕ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸ਼ੋਕ ਕੁਮਾਰ ਮਨਹਾਸ ਪੁੱਤਰ ਸਵ. ਕ੍ਰਿਪਾਲ ਸਿੰਘ ਮਨਹਾਸ ਕਰੀਬ 8 ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੁਵੈਤ ਗਿਆ ਸੀ ਅਤੇ ਉੱਥੇ ਹੀ ਇੱਕ ਕੰਪਨੀ ਵਿੱਚ ਨੌਕਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਉਹ ਛੁੱਟੀ ਕੱਟ ਕੇ ਮੁੜ ਕੁਵੈਤ ਗਿਆ ਸੀ। ਬੀਤੀ 4 ਸਤੰਬਰ ਨੂੰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਦੇਹ ਪਿੰਡ ਤਲਵੰਡੀ ਕਲਾਂ ਵਿਖੇ ਲਿਆਂਦੇ ਜਾਣ ਉਪਰੰਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਭਾਵੁਕ ਮਾਹੌਲ ਵਿੱਚ ਮ੍ਰਿਤਕ ਦੇ 12 ਸਾਲਾ ਪੁੱਤਰ ਨੇ ਆਪਣੇ ਪਿਤਾ ਨੂੰ ਮੁੱਖ ਅਗਨੀ ਦਿੱਤੀ।