ਜਾਗਰਣ ਟੀਮ, ਹੁਸ਼ਿਆਰਪੁਰ : ਨੇੜਲੇ ਮੁਹੱਲਾ ਬੂਲਾਂਵੜੀ 'ਚ ਇਕ ਨੌਜਵਾਨ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਪਹੁੰਚੇ ਮਿ੍ਤਕ ਅਜੀਤ ਸਿੰਘ (18) ਵਾਸੀ ਬੂਲਾਂਵੜੀ ਦੇ ਪਿਤਾ ਰਾਮ ਲਾਲ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਆਪਣੇ ਦੋ ਪੁੱਤਰਾਂ ਨਾਲ ਰਹਿੰਦਾ ਹੈ। ਕੁਝ ਦਿਨ ਪਹਿਲਾਂ ਉਹ ਬਿਹਾਰ ਗਿਆ ਹੋਇਆ ਸੀ ਅਤੇ ਅਜੀਤ ਆਪਣੇ ਭਰਾ ਨਾਲ ਘਰ ਵਿਚ ਸੀ। ਕੁਝ ਦਿਨ ਤੋਂ ਅਜੀਤ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਮਿ੍ਤਕ ਦੇ ਭਰਾ ਲਛਮਣ ਨੇ ਦੱਸਿਆ ਕਿ ਬੁੱਧਵਾਰ ਰਾਤ ਖਾਣਾ ਖਾਣ ਤੋਂ ਬਾਅਦ ਅੱਧੀ ਰਾਤ ਨੂੰ ਅਜੀਤ ਨੇ ਦੱਸਿਆ ਕਿ ਉਸ ਨੂੰ ਘਬਰਾਹਟ ਹੋ ਰਹੀ ਹੈ ਤੇ ਉਲਟੀਆਂ ਕਰਨ ਲੱਗ ਪਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਉਥੇ ਹੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।