- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੇ ਸਾਂਪਲਾ ਜੀ ’ਤੇ ਕਥਿਤ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਤਿਨ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦੇ ਵਫ਼ਦ ਨੇ ਬਾੜੀਆਂ ਕਲਾਂ ਵਿਖੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਨਾਲ ਹੋਈ ਕਥਿਤ ਭੰਨਤੋੜ ਅਤੇ ਅਪਮਾਨਜਨਕ ਘਟਨਾ ਅਤੇ ਇਸ ਘਟਨਾ ਦੇ ਵਿਰੋਧ ਵਿੱਚ ਮੌਕੇ ’ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਸ੍ਰੀ ਵਿਜੇ ਸਾਂਪਲਾ ਜੀ ਨਾਲ ਹੋਈ ਕਥਿਤ ਮਾਰ-ਕੁੱਟ ਅਤੇ ਧੱਕਾ-ਮੁੱਕੀ ਸਬੰਧੀ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਜੀ ਭਾਰਤੀ ਸੰਵਿਧਾਨ, ਸਮਾਜਿਕ ਨਿਆਂ ਅਤੇ ਬਰਾਬਰੀ ਦੇ ਪ੍ਰਤੀਕ ਹਨ। ਉਨ੍ਹਾਂ ਦੀ ਮੂਰਤੀ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਨੁਕਸਾਨ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਵਿਰੋਧ ਵਿੱਚ ਜਦੋਂ ਸ੍ਰੀ ਵਿਜੇ ਸਾਂਪਲਾ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਧੱਕਾ-ਮੁੱਕੀ ਕੀਤੀ ਗਈ। ਭਾਜਪਾ ਵੱਲੋਂ ਪੂਰੇ ਮਾਮਲੇ ਦੀ ਨਿਰਪੱਖ, ਉੱਚ ਪੱਧਰੀ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਭਾਜਪਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਿਤ ਉਪਲਬਧ ਵੀਡੀਓ ਰਿਕਾਰਡਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਪੂਰੇ ਘਟਨਾਕ੍ਰਮ ਦੇ ਤੱਥ ਸਾਹਮਣੇ ਆ ਸਕਣ। ਜ਼ਿਲ੍ਹਾ ਭਾਜਪਾ ਨੇ ਪ੍ਰਸ਼ਾਸਨ ਤੋਂ ਰਾਸ਼ਟਰੀ ਅਤੇ ਸਮਾਜਿਕ ਮਹਾਪੁਰਖਾਂ ਦੀਆਂ ਮੂਰਤੀਆਂ ਅਤੇ ਸਮਾਰਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।