ਬਰਸਾਤਾਂ ’ਚ ਵੀ ਚੌਹਾਲ ਤੋਂ ਮੁਸਤਾਪੁਰ ਸੜਕ ’ਤੇ ਆਵਾਜਾਈ ਰਹੇਗੀ ਸੁਚਾਰੂ : ਕੈਬਨਿਟ ਮੰਤਰੀ ਬਰਸਾਤਾਂ ’ਚ ਵੀ ਚੌਹਾਲ ਤੋਂ ਮੁਸਤਾਪੁਰ ਸੜਕ ’ਤੇ ਆਵਾਜਾਈ ਰਹੇਗੀ ਸੁਚਾਰੂ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
Publish Date: Fri, 09 Oct 2026 06:08 PM (IST)
Updated Date: Fri, 09 Oct 2026 06:08 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਚੌਹਾਲ ਤੋਂ ਮੁਸਤਾਪੁਰ ਨੂੰ ਜਾਣ ਵਾਲੀ ਸੜਕ ’ਤੇ ਪਿੰਡ ਅਰਨਿਆਲਾ ਵਿਖੇ ਬਣ ਰਹੀਆਂ ਤਿੰਨ ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸੇ ਦਿਸ਼ਾ ਵਿੱਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚੌਹਾਲ ਤੋਂ ਮੁਸਤਾਪੁਰ ਤੱਕ 4.38 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ’ਤੇ ਕੁੱਲ 2 ਕਰੋੜ 98 ਲੱਖ 89 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਤਹਿਤ ਪਿੰਡ ਅਰਨਿਆਲਾ ਵਿਖੇ ਤਿੰਨ ਨਵੀਆਂ ਪੁਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਆਵਾਜਾਈ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਇਸ ਸੜਕ ’ਤੇ ਪਾਣੀ ਭਰ ਜਾਂਦਾ ਸੀ ਅਤੇ ਕਈ ਵਾਰ ਰਸਤਾ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਸੀ। ਇਸ ਕਾਰਨ ਪਿੰਡ ਵਾਸੀਆਂ, ਰਾਹਗੀਰਾਂ ਅਤੇ ਇਸ ਰਸਤੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਤਿੰਨਾਂ ਪੁਲੀਆਂ ਦੇ ਨਿਰਮਾਣ ਨਾਲ ਪਾਣੀ ਦੀ ਨਿਕਾਸੀ ਵਿੱਚ ਸੁਧਾਰ ਹੋਵੇਗਾ ਅਤੇ ਬਰਸਾਤ ਦੇ ਦਿਨਾਂ ਵਿੱਚ ਵੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਅਤੇ ਪੁਲੀਆਂ ਦਾ ਨਿਰਮਾਣ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਇਸ ਨਾਲ ਨਾ ਸਿਰਫ਼ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਆਸਾਨ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇਗੀ।