ਨਗਰ ਕੌਂਸਲ ਹਾਊਸ ਚ 3.36 ਕਰੋੜ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਨਗਰ ਕੌਂਸਲ ਹਾਊਸ ਚ 3.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ
Publish Date: Fri, 20 Nov 2026 03:12 PM (IST)
Updated Date: Fri, 20 Nov 2026 03:16 PM (IST)
ਸੁਰਿੰਦਰ ਢਿੱਲੋ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਨਗਰ ਕੌਂਸਲ ਟਾਂਡਾ ਉੜਮੁੜ ਦੇ ਕੌਂਸਲਰਾਂ ਦੀ ਵਿਸ਼ੇਸ਼ ਹਾਊਸ ਮੀਟਿੰਗ ਸ਼ੁੱਕਰਵਾਰ ਨੂੰ ਨਗਰ ਕੌਂਸਲ ਪ੍ਰਧਾਨ ਹਰੀ ਕ੍ਰਿਸ਼ਨ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ 3 ਕਰੋੜ 36 ਲੱਖ 93 ਹਜ਼ਾਰ ਰੁਪਏ ਦੇ ਵਿਕਾਸ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਸਿਵਲ ਹਸਪਤਾਲ ਚੌਕ ਵਿੱਚ ਜਲਦੀ ਹੀ ਟ੍ਰੈਫਿਕ ਲਾਈਟਾਂ ਲਗਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਨਗਰ ਕੌਂਸਲ ਪ੍ਰਧਾਨ ਹਰੀ ਕ੍ਰਿਸ਼ਨ ਸੈਣੀ ਨੇ ਦੱਸਿਆ ਕਿ ਮਨਜ਼ੂਰ ਕੀਤੀ ਗਈ ਰਾਸ਼ੀ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ, ਧਰਮਸ਼ਾਲਾਵਾਂ, ਐੱਲ.ਈ.ਡੀ. ਸਟਰੀਟ ਲਾਈਟਾਂ ਸਮੇਤ ਹੋਰ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾਣਗੇ। ਮੀਟਿੰਗ ਵਿੱਚ ਸਫ਼ਾਈ ਪ੍ਰਬੰਧਾਂ ਨਾਲ ਜੁੜੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਗਿਆ। ਇਸ ਤਹਿਤ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ 14 ਕੱਚੇ ਮੁਲਾਜ਼ਮਾਂ ਨੂੰ ਨਗਰ ਕੌਂਸਲ ਅਧੀਨ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ। ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸ਼ਹਿਰ ਦਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਜਾਂ ਸੁਝਾਅ ਲੈ ਕੇ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਦੀ ਉਪ ਪ੍ਰਧਾਨ ਨਰਿੰਦਰ ਕੌਰ, ਕੌਂਸਲਰ ਪ੍ਰਵੀਨ ਖੰਨਾ, ਹਰਮੀਤ ਸਿੰਘ, ਜਸਵੰਤ ਕੌਰ ਮੁਲਤਾਨੀ, ਸਰੋਜ ਬਾਲਾ, ਸੇਠ ਰਾਮ ਸੇਠੀ, ਗੁਰਬਖ਼ਸ਼ ਕੌਰ, ਪਰਮਿੰਦਰ ਕੌਰ ਘੁੰਮਣ, ਮਨਜੀਤ ਕੌਰ ਸਮੇਤ ਕਾਂਗਰਸੀ ਕੌਂਸਲਰ ਹੀਨਾ ਵੈਦ, ਬਲਦੇਵ ਰਾਜ, ਦਵਿੰਦਰ ਸਿੰਘ ਬਿੱਲੂ, ਗੁਰਪ੍ਰੀਤ ਕੌਰ ਅਤੇ ਪ੍ਰਿਤਪਾਲ ਕੌਰ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਵਿਜੇ ਡੋਗਰਾ, ਕੁਲਦੀਪ ਘੁੰਮਣ ਅਤੇ ਆਕਾਸ਼ ਮਰਵਾਹਾ ਵੀ ਮੌਜੂਦ ਸਨ।