ਸ਼ੋਰ ਪ੍ਰਦੂਸ਼ਣ ਲਈ ਡੀਸੀ ਵੱਲੋਂ ਹੁਕਮ ਜਾਰੀ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ, ਉੱਚੀ ਆਵਾਜ਼ ’ਤੇ ਰਹੇਗੀ ਪਾਬੰਦੀ
Publish Date: Wed, 11 Nov 2026 02:59 PM (IST)
Updated Date: Wed, 11 Nov 2026 03:00 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਉੱਚੀ ਆਵਾਜ਼ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਰਹੇਗੀ।ਹੁਕਮਾਂ ਤਹਿਤ ਵਾਹਨਾਂ ਵਿੱਚ ਪ੍ਰੈਸ਼ਰ ਹਾਰਨ, ਵੱਧ ਆਵਾਜ਼ ਵਾਲੇ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਸੰਗੀਤਕ ਯੰਤਰ ਵਜਾਉਣ ਦੀ ਮਨਾਹੀ ਹੋਵੇਗੀ। ਸਿਰਫ ਸਰਕਾਰ ਵੱਲੋਂ ਨਿਰਧਾਰਤ ਹਾਰਨ ਹੀ ਨਿਰਧਾਰਤ ਆਵਾਜ਼ ਵਿੱਚ ਵਰਤੇ ਜਾ ਸਕਣਗੇ। ਇਸੇ ਤਰ੍ਹਾਂ ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲਾਂ, ਰੈਸਟੋਰੈਂਟਾਂ ਅਤੇ ਮੇਲਿਆਂ ਵਿੱਚ ਉੱਚੀ ਆਵਾਜ਼ ਵਾਲਾ ਸੰਗੀਤ ਅਤੇ ਅਸ਼ਲੀਲ ਗੀਤ ਚਲਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸਥਾਨਾਂ ਅਤੇ ਹੋਰ ਸਾਈਲੈਂਸ ਜ਼ੋਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ, ਆਤਿਸ਼ਬਾਜ਼ੀ, ਲਾਊਡ ਸਪੀਕਰ, ਡੀ.ਜੇ. ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰ ਚਲਾਉਣ ਦੀ ਮਨਾਹੀ ਹੋਵੇਗੀ। ਵਿਸ਼ੇਸ਼ ਮੌਕਿਆਂ ’ਤੇ ਧਾਰਮਿਕ ਸਥਾਨਾਂ, ਪੰਡਾਲਾਂ ਅਤੇ ਅਧਿਕਾਰਤ ਮੈਰਿਜ ਪੈਲੇਸਾਂ ਵਿੱਚ ਲਾਊਡ ਸਪੀਕਰ, ਡੀਜੇ ਜਾਂ ਆਰਕੈਸਟਰਾ ਚਲਾਉਣ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਹੁਕਮਾਂ ਅਨੁਸਾਰ ਉਦਯੋਗਿਕ ਖੇਤਰਾਂ ਵਿੱਚ ਦਿਨ ਸਮੇਂ 75 ਅਤੇ ਰਾਤ ਸਮੇਂ 70, ਵਪਾਰਕ ਖੇਤਰਾਂ ਵਿੱਚ 65 ਅਤੇ 55, ਰਿਹਾਇਸ਼ੀ ਖੇਤਰਾਂ ਵਿੱਚ 55 ਅਤੇ 45 ਅਤੇ ਸਾਈਲੈਂਸ ਜ਼ੋਨ ਵਿੱਚ 50 ਅਤੇ 40 ਡੈਸੀਬਲ ਤੋਂ ਵੱਧ ਸ਼ੋਰ ਨਹੀਂ ਹੋਣਾ ਚਾਹੀਦਾ। ਦਿਨ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਸਥਿਤੀਆਂ ’ਤੇ ਲਾਗੂ ਨਹੀਂ ਹੋਣਗੇ ਅਤੇ 7 ਜਨਵਰੀ 2027 ਤੱਕ ਪ੍ਰਭਾਵੀ ਰਹਿਣਗੇ।