ਬੰਦੀ ਛੋੜ ਦਿਵਸ ਤੇ ਦੀਵਾਲੀ ਸ਼ਰਧਾ ਨਾਲ ਮਨਾਈ
ਵਿਕਟੋਰੀਆ ਸਕੂਲ ਨੇ ਸ਼ਰਧਾ ਨਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ
Publish Date: Mon, 09 Nov 2026 04:16 PM (IST)
Updated Date: Tue, 10 Nov 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਮੁਕੇਰੀਆਂ ਦੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਦੀਵਾਲੀ ਦੇ ਮਹੱਤਵ, ਆਪਸੀ ਪਿਆਰ, ਭਾਈਚਾਰੇ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਛੋਟੇ ਬੱਚਿਆਂ ਲਈ ਕਰਾਫਟ, ਨਾਚ, ਕਵਿਤਾ ਅਤੇ ਦੀਵਿਆਂ ਨੂੰ ਰੰਗ ਕਰਨ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਕਾਸ਼ ਦੇ ਅਪਵਰਤਨ ਸਬੰਧੀ ਵਿਗਿਆਨਕ ਗਤੀਵਿਧੀ ਪੇਸ਼ ਕੀਤੀ, ਜਦਕਿ ਅੰਤਰ-ਸਦਨ ਰੰਗੋਲੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਖੂਬਸੂਰਤ ਰੰਗੋਲੀਆਂ ਬਣਾਈਆਂ। ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਭਜਨਾਂ ਨੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਮੂਹ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਨੂੰ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ।