- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ’ਤੇ ਇਲਜ਼ਾਮ ਲਗਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦੇ ਹਨ ਕਿ ਗੁਰੂ ਸਾਹਿਬ ਨੇ ਉਨ੍ਹਾਂ ਕੋਲੋਂ ਸੇਵਾ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਵੀ ਬਹੁਮਤ ਸੀ, ਉਹ ਚਾਹੁੰਦੇ ਤਾਂ ਪਹਿਲਾਂ ਹੀ ਸਖ਼ਤ ਕਾਨੂੰਨ ਬਣਾ ਸਕਦੇ ਸਨ।

ਸੰਜੀਵ ਸੂਦ/ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ/ਚੱਬੇਵਾਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਬਿਹਾਲਾ ਵਿਖੇ ਲੋਕ ਮਿਲਣੀ ਦੌਰਾਨ ਬੇਅਦਬੀ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੇਅਦਬੀ ਸਬੰਧੀ ਕਾਨੂੰਨ ਕਮਜ਼ੋਰ ਸੀ, ਪਰ ਉਨ੍ਹਾਂ ਦੀ ਸਰਕਾਰ ਨੇ ਆ ਕੇ ਇਸ ਨੂੰ ਸਖ਼ਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹੁਣ ਕਾਨੂੰਨ ’ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਕੋਲ ਸਰਕਾਰ ਨੂੰ ਬਦਨਾਮ ਕਰਨ ਤੋਂ ਇਲਾਵਾ ਕੋਈ ਮੁੱਦਾ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ’ਤੇ ਇਲਜ਼ਾਮ ਲਗਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦੇ ਹਨ ਕਿ ਗੁਰੂ ਸਾਹਿਬ ਨੇ ਉਨ੍ਹਾਂ ਕੋਲੋਂ ਸੇਵਾ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਵੀ ਬਹੁਮਤ ਸੀ, ਉਹ ਚਾਹੁੰਦੇ ਤਾਂ ਪਹਿਲਾਂ ਹੀ ਸਖ਼ਤ ਕਾਨੂੰਨ ਬਣਾ ਸਕਦੇ ਸਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਸਭ ਤੋਂ ਉੱਚੀ ਹੈ ਅਤੇ ਉਨ੍ਹਾਂ ਨੂੰ ਸਿਆਸੀ ਲਾਭ ਲਈ ਵਰਤਣਾ ਠੀਕ ਨਹੀਂ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਧਰਮ ਦੇ ਨਾਂ ’ਤੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਸਕਦੀਆਂ ਹਨ, ਪਰ ਲੋਕ ਅਜਿਹੀਆਂ ਗੱਲਾਂ ਤੋਂ ਸੁਚੇਤ ਰਹਿਣ ਅਤੇ ਵਿਕਾਸ ਦੇ ਆਧਾਰ ’ਤੇ ਫੈਸਲਾ ਕਰਨ।
ਉਨ੍ਹਾਂ ਕਿਹਾ ਕਿ ਘਰ ਦੇ ਚੁੱਲ੍ਹੇ ਦੀ ਹਾਲਤ ਨੂੰ ਮਾਵਾਂ-ਭੈਣਾਂ ਤੋਂ ਵੱਧ ਕੋਈ ਨਹੀਂ ਸਮਝ ਸਕਦਾ। ਜੇ ਘਰ ਤੁਹਾਡੇ ਬਿਨਾਂ ਨਹੀਂ ਚੱਲ ਸਕਦਾ ਤਾਂ ਦੇਸ਼ ਵੀ ਤੁਹਾਡੇ ਯੋਗਦਾਨ ਤੋਂ ਬਿਨਾਂ ਅੱਗੇ ਨਹੀਂ ਵੱਧ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਸਿੱਖਿਆ, ਰੋਜ਼ਗਾਰ, ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ’ਤੇ ਹੈ। ਉਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਰਹਿ ਕੇ ਤਰੱਕੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਬਦਲਾਅ ਦਾ ਸਭ ਤੋਂ ਵੱਡਾ ਹਥਿਆਰ ਹੈ ਅਤੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ।
ਮਹਿਲਾਵਾਂ ਲਈ ਚੱਲ ਰਹੀ ਯੋਜਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਜਾਂ 1500 ਰੁਪਏ ਦੀ ਰਕਮ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਦਾ ਕਾਰਡ ਬਣਨ ਵਿੱਚ ਦੇਰੀ ਹੁੰਦੀ ਹੈ ਤਾਂ ਉਸ ਨੂੰ 1 ਜੁਲਾਈ ਤੋਂ ਹੀ ਬਣਦੀ ਰਕਮ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਤੋਂ ਇਸ ਯੋਜਨਾ ਸਬੰਧੀ 47 ਹਜ਼ਾਰ ਫਾਰਮ ਭਰੇ ਜਾ ਚੁੱਕੇ ਹਨ।
ਭਗਵੰਤ ਮਾਨ ਨੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ ਹੁਣ ਤੱਕ 650 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ।
ਨਿੱਜੀ ਸਕੂਲਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਫੀਸਾਂ ਵਿੱਚ ਸਾਲਾਨਾ ਵਾਧਾ 5 ਫੀਸਦੀ ਤੋਂ ਵੱਧ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਸੰਸਦ ਵਿੱਚ ਮਜ਼ਬੂਤੀ ਨਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਕਿਸੇ ਮੈਂਬਰ ਵੱਲੋਂ ਆਪਣੇ ਹਲਕੇ ਨਾਲ ਜੁੜੇ ਮੁੱਦੇ ਉਠਾਉਣ ਨਾਲ ਸੜਕਾਂ, ਰੋਜ਼ਗਾਰ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਧਿਆਨ ਜਾਂਦਾ ਹੈ।
ਉਨ੍ਹਾਂ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਾਂਝੇ ਵਿਕਾਸ ਕਾਰਜਾਂ ਨੂੰ ਲੈ ਕੇ ਮਿਲਦੇ ਹਨ ਅਤੇ ਕਦੇ ਵੀ ਨਿੱਜੀ ਸਿਫਾਰਸ਼ਾਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਡਾ. ਇਸ਼ਾਂਕ ਕੁਮਾਰ ਬਹੁਤ ਹੀ ਸਾਦਗੀ ਵਾਲੇ ਅਤੇ ਕੰਮ ਪ੍ਰਤੀ ਸਮਰਪਿਤ ਹਨ।
ਨਿੱਜੀ ਸਕੂਲਾਂ ਨੂੰ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੀਸਾਂ ਵਿੱਚ ਸਾਲਾਨਾ ਵਾਧਾ 5 ਫੀਸਦੀ ਤੋਂ ਵੱਧ ਨਹੀਂ ਹੋਣਾ ਚਾਹੀਦਾ, ਨਹੀਂ ਤਾਂ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੈਸੇ ਜਾਂ ਹੋਰ ਲਾਲਚਾਂ ਦੀ ਬਜਾਏ ਕੰਮ ਦੇ ਆਧਾਰ ’ਤੇ ਵੋਟ ਦੇਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਫਰਵਰੀ 2027 ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ।
ਇਸ ਮੌਕੇ ਸਰਪੰਚ ਨਵਦੀਪ ਕੌਰ ਬਿਹਾਲਾ, ਸਾਬਕਾ ਸਰਪੰਚ ਚਿਰੰਜੀ ਲਾਲ ਬਿਹਾਲਾ, ਚੇਅਰਮੈਨ ਸੰਦੀਪ ਸੈਣੀ, ਜਸਪਾਲ ਚੇਚੀ, ਸਰਪੰਚ ਸ਼ਿੰਦਰ ਪਾਲ ਪੱਟੀ, ਬਲਵਿੰਦਰਪਾਲ ਸਿੰਘ ਬਿਹਾਲਾ ,ਡਾਕਟਰ ਸਿਵ, ਡਾਕਟਰ ਪਾਲ , ਜਗਵਿੰਦਰ ਸਿੰਘ ਬਡਿਆਲ, ਡਾਕਟਰ ਰੌਸ਼ਨ ਬਡਲਾ , ਰਣਜੀਤ ਸਿੰਘ ਬਿਹਾਲਾ , ਸੁਰਜੀਤ ਚੰਦ ਮੱਲ ,ਪ੍ਰਿੰਸੀਪਲ ਸਤਨਾਮ ਸਿੰਘ ਖਨੂਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।