ਆਰਬੀਯੂ ਵੱਲੋਂ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕਰਵਾਈ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਦਾ ਆਯੋਜਨ
Publish Date: Fri, 13 Nov 2026 05:18 PM (IST)
Updated Date: Fri, 13 Nov 2026 05:21 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਯੂਨੀਵਰਸਿਟੀ ਦੀਆਂ ਐਨ.ਐਸ.ਐਸ. ਅਤੇ ਐਕਸਟੈਂਡਿਡ ਸੋਸ਼ਲ ਰਿਸਪੌਂਸੀਬਿਲਟੀ ਗਤੀਵਿਧੀਆਂ ਤਹਿਤ ਕਰਵਾਈ ਗਈ। ਇਸ ਰੈਲੀ ਵਿੱਚ 47 ਵਿਦਿਆਰਥੀਆਂ ਅਤੇ ਇੱਕ ਫੈਕਲਟੀ ਮੈਂਬਰ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪਿੰਡ ਵਾਸੀਆਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਹ ਰੈਲੀ ਵਾਈਸ-ਚਾਂਸਲਰ ਡਾ. ਚੰਦਰ ਮੋਹਨ ਅਤੇ ਵਿਭਾਗ ਮੁਖੀ ਡਾ. ਪ੍ਰਿਯੰਕਾ ਪੁਰੀ ਦੀ ਅਗਵਾਈ ਹੇਠ ਕੱਢੀ ਗਈ, ਜਦਕਿ ਇਸ ਦਾ ਸੰਚਾਲਨ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਤਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਵਾਈਸ-ਚਾਂਸਲਰ ਡਾ. ਚੰਦਰ ਮੋਹਨ ਨੇ ਵਿਦਿਆਰਥੀਆਂ ਅਤੇ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਵਿੱਦਿਅਕ ਸੰਸਥਾਵਾਂ ਦੀ ਅਹਿਮ ਭੂਮਿਕਾ ਹੈ।